ਰੂਪਨਗਰ, 23 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਗੰਭੀਰ ਆਰਥਿਕ ਸੰਕਟ ਵਿਚੋਂ ਗੁਜ਼ਰ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ੇ ਹੇਠ ਦੱਬਿਆ ਹੋਇਆ ਹੈ, ਜ਼ਮੀਨ ਹੇਠਾਂ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਅਤੇ ਖੇਤੀ ਲਈ ਦਵਾਈਆਂ, ਖਾਦਾਂ ਅਤੇ ਸਾਜੋ-ਸਮਾਨ ਬੇਹੱਦ ਮਹਿੰਗੇ ਹੋ ਚੁੱਕੇ ਹਨ | ਇਸ ਦੇ ਨਾਲ ਹੀ ਮੰਡੀਆਂ ਵਿਚ ਫ਼ਸਲਾਂ ਨੂੰ ਵਾਜਬ ਭਾਅ ਨਹੀਂ ਮਿਲ ਰਿਹਾ ਅਤੇ ਜ਼ਮੀਨਾਂ ਦੀ ਅੰਨ੍ਹੇਵਾਹ ਅਕਵਾਇਰਿੰਗ ਨਾਲ ਹਾਲਾਤ ਹੋਰ ਵੀ ਗੰਭੀਰ ਬਣਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ ਤਾਂ ਹੀ ਸੰਭਵ ਹੈ ਜਦੋਂ ਕਿਸਾਨ ਜਥੇਬੰਦਕ ਹੋ ਕੇ ਆਪਣੇ ਹੱਕਾਂ ਲਈ ਸਾਂਝੀ ਲੜਾਈ ਲੜਨ | ਉਨ੍ਹਾਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਛੋਟੇ ਮੋਟੇ ਮਤਭੇਦ ਭੁਲਾ ਕੇ ਤੁਰੰਤ ਇਕੱਠੇ ਹੋਣ ਅਤੇ ਪੰਜਾਬ ਦੀ ਕਿਸਾਨੀ ਨੂੰ ਤਬਾਹੀ ਤੋਂ ਬਚਾਉਣ ਲਈ ਸਾਂਝਾ ਮੋਰਚਾ ਬਣਾਇਆ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਕਿਸਾਨੀ ਹੋਰ ਵੀ ਬਰਬਾਦ ਹੋ ਜਾਵੇਗੀ | ਉਨ੍ਹਾਂ ਦੁਹਰਾਇਆ ਕਿ ਜੇਕਰ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋ ਜਾਣ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਕਿਸਾਨਾਂ ਦੇ ਹੱਕਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕੇਗੀ |
ਕਿਸਾਨਾਂ ਦੀ ਬਦਤਰ ਹਾਲਤ ਲਈ ਕੇਂਦਰ ਅਤੇ ਸੂਬਾ ਸਰਕਾਰ ਜ਼ਿੰਮੇਵਾਰ- ਰਾਣਾ ਕੰਵਰਪਾਲ ਸਿੰਘ <br/>
ਅਜੀਤ ਡੈਸਕ
24-02-2026