ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਲੋਕ ਅੰਦੋਲਨ ਬਣਾਉਣਾ ਸਮੇਂ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸ਼ਿਆਰਪੁਰ 'ਚ ਨਸ਼ਿਆਂ ਵਿਰੁੱਧ ਕੱਢੀ ਗਈ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੇ ਆਪ ਵਿਚ ਇੰਨੀ ਤਾਕਤ ਨਹੀਂ ਰੱਖਦਾ ਕਿ ਉਹ ਭਾਰਤ ਨੂੰ ਨੁਕਸਾਨ ਪਹੁੰਚਾ ਸਕੇ ਪਰ ਕੁਝ ਵਿਦੇਸ਼ੀ ਤਾਕਤਾਂ ਉਸ ਦੀ ਮਦਦ ਕਰਦਿਆਂ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਕਰਕੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਦੁਸ਼ਮਣ ਗੁਆਂਢੀ ਦੇਸ਼ ਸਾਡੀ ਨੌਜਵਾਨ ਪੀੜ੍ਹੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਿਹਾ ਹੈ ਪਰ ਸਾਡੇ ਬਹਾਦਰ ਸੁਰੱਖਿਆ ਬਲ ਹਰ ਵਾਰ ਅਜਿਹੀਆਂ ਕੋਸ਼ਿਸ਼ਾਂ ਦਾ ਮੰੂਹ-ਤੋੜ ਜਵਾਬ ਦੇ ਰਹੇ ਹਨ | ਉਨ੍ਹਾਂ ਕਿਹਾ ਕਿ 'ਰੰਗਲਾ ਪੰਜਾਬ' ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੂਹ ਸਮਾਜ ਦਾ ਸਾਂਝਾ ਮਿਸ਼ਨ ਹੈ | ਇਸ ਲਈ ਸਾਨੂੰ ਮਿਲਜੁਲ ਕੇ ਕੰਮ ਕਰਨਾ ਹੋਵੇਗਾ ਅਤੇ ਇਸ ਦੀ ਸ਼ੁਰੂਆਤ ਆਪਣੇ ਆਪ ਤੋਂ ਕਰਨੀ ਪਵੇਗੀ | ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਤੋਂ ਸ਼ੁਰੂ ਹੋਈ ਨਸ਼ਾ ਵਿਰੋਧੀ ਪੈਦਲ ਯਾਤਰਾ ਵਿਚ ਯੂਨੀਵਰਸਿਟੀਆਂ ਦੇ ਉਪ ਕੁਲਪਤੀ, ਸਕੂਲਾਂ ਤੇ ਕਾਲਜਾਂ ਦੇ ਮੁਖੀ, ਐਨ.ਜੀ.ਓਜ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਉਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ | ਰਾਜਪਾਲ ਪੰਜਾਬ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰਾ ਪਰਿਵਾਰ ਅਤੇ ਸਮਾਜ ਪ੍ਰਭਾਵਿਤ ਹੁੰਦਾ ਹੈ | ਇਸ ਬੁਰਾਈ ਨੂੰ ਜੜੋਂ੍ਹ ਖ਼ਤਮ ਕਰਨ ਲਈ ਸਾਂਝੀ ਕੋਸ਼ਿਸ਼ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਿੱਖਿਆ ਸੰਸਥਾਵਾਂ ਨੂੰ ਨਸ਼ਾ ਮੁਕਤ ਬਣਾਉਣਾ ਲਾਜ਼ਮੀ ਹੈ, ਕਿਉਂਕਿ ਨੌਜਵਾਨੀ ਦੇ ਸਹੀ ਰਾਹ 'ਤੇ ਪੈਣ ਨਾਲ ਹੀ ਸੂਬੇ ਦਾ ਭਵਿੱਖ ਸੁਰੱਖਿਅਤ ਹੋ ਸਕਦਾ ਹੈ | ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਪੜਾਅਵਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਨੂੰ ਕਾਮਯਾਬ ਬਣਾਉਣ ਲਈ ਸਿੱਖਿਆ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਗਠਨਾਂ, ਪੰਚਾਇਤਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਇਹ ਲੜਾਈ ਲੜਨੀ ਪਵੇਗੀ | ਇਸ ਮੌਕੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਮਨੀਸ਼ ਤਿਵਾੜੀ, ਪਿ੍ੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਐਸ.ਡੀ.ਐਮ. ਓਇਸ਼ੀ ਮੰਡਲ, ਆਗਿਆਪਾਲ ਸਿੰਘ ਸਾਹਨੀ, ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ, ਪਿ੍ੰਸੀਪਲ ਡਾ. ਵਿਧੀ ਭੱਲਾ, ਖੁਸ਼ਵੰਤ ਸਿੰਘ, ਸਨ੍ਹਾ ਕੌਸ਼ਲ ਸਮੇਤ ਰਾਜਸੀ, ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਮੈਂਬਰ, ਵਿਭਾਗੀ ਅਧਿਕਾਰੀ, ਐਨ.ਜੀ.ਓਜ ਅਤੇ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ |
ਕੁਝ ਵਿਦੇਸ਼ੀ ਤਾਕਤਾਂ ਡਰੋਨਾਂ ਰਾਹੀਂ ਪੰਜਾਬ 'ਚ ਨਸ਼ਾ ਤੇ ਹਥਿਆਰ ਭੇਜਣ 'ਚ ਪਾਕਿਸਤਾਨ ਦੀ ਕਰ ਰਹੀਆਂ ਹਨ ਮਦਦ-ਰਾਜਪਾਲ <br/>
ਅਜੀਤ ਡੈਸਕ
25-02-2026