ਚੰਡੀਗੜ੍ਹ, 24 ਫਰਵਰੀ (ਅਜੀਤ ਬਿਊਰੋ)-ਭਗਵੰਤ ਮਾਨ ਸਰਕਾਰ ਨੇ ਅੱਜ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ (ਐਮ. ਐਮ. ਐਸ. ਵਾਈ.) ਸੰਬੰਧੀ ਰੁਕਾਵਟਾਂ ਨੂੰ ਦੂਰ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਵਿਚ ਸਿਰਫ਼ ਆਧਾਰ ਅਤੇ ਵੋਟਰ ਆਈ.ਡੀ. ਨਾਲ ਤੁਰੰਤ ਮੌਕੇ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੇ ਉਦਮੀਆਂ ਲਈ ਪ੍ਰਦਰਸ਼ਨ ਅਧਾਰਿਤ ਪ੍ਰੋਤਸਾਹਨਾਂ ਦੀ ਵੀ ਸ਼ੁਰੂਆਤ ਕੀਤੀ, ਜਿਸ ਤਹਿਤ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਵਿਚ ਤਰਜੀਹੀ ਤੌਰ 'ਤੇ ਰੁਜ਼ਗਾਰ ਦੇ ਮੌਕੇ ਦੇਣ ਦਾ ਵਾਅਦਾ ਕੀਤਾ ਗਿਆ | ਇਸ ਤੋਂ ਇਲਾਵਾ ਯੋਜਨਾ ਦੇ 100 ਫ਼ੀਸਦੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਇਕ ਸੂਬਾ ਪੱਧਰੀ ਲਾਮਬੰਦੀ ਮੁਹਿੰਮ ਸ਼ੁਰੂ ਕੀਤੀ ਗਈ | ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਰਵਾਇਤੀ ਤਰੀਕਿਆਂ ਤੋਂ ਹੱਟ ਕੇ ਰਜਿਸਟ੍ਰਰੇਸ਼ਨ ਮੁਹਿੰਮ ਦਾ ਵਿਸਥਾਰ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਨਿਵਾਸੀ ਜਿਸ ਕੋਲ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈ.ਡੀ. ਹੈ, ਉਹ ਇਸ ਯੋਜਨਾ ਵਿਚ ਨਾਂਅ ਦਰਜ ਕਰਵਾਉਣ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਜਾਂ ਨਿਰਧਾਰਤ ਰਜਿਸਟ੍ਰਰੇਸ਼ਨ ਕੈਂਪ ਵਿਚ ਜਾ ਸਕਦਾ ਹੈ | ਮੀਟਿੰਗ ਵਿਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਮੁੱਖ ਕਾਰਜਕਾਰੀ ਅਧਿਕਾਰੀ ਰਾਜ ਸਿਹਤ ਏਜੰਸੀ ਸੰਯਮ ਅਗਰਵਾਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਏ |
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ <br/>
ਅਜੀਤ ਡੈਸਕ
25-02-2026