ਅੰਮਿ੍ਤਸਰ, 24 ਫ਼ਰਵਰੀ (ਜਸਵੰਤ ਸਿੰਘ ਜੱਸ)-ਅਮਰੀਕਾ ਦੇ ਸੂਬੇ ਕੈਲੇਫੋਰਨੀਆ ਦੀਆਂ ਸਿੱਖ ਸੰਗਤਾਂ ਦੇ ਇਕ ਵਫ਼ਦ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਕੈਲੇਫੋਰਨੀਆ ਦੇ ਯੂਬਾਸਿਟੀ ਵਿਚ ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ ਹੈ | ਦਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਉਪਰੰਤ ਪ੍ਰਧਾਨ ਧਾਮੀ ਨਾਲ ਮੁਲਾਕਾਤ ਲਈ ਪੁੱਜੇ ਵਫ਼ਦ ਵਿਚ ਗੁਰਮੁੱਖ ਸਿੰਘ ਧਨੋਆ, ਬੀਬੀ ਲਖਵਿੰਦਰ ਕੌਰ, ਬੀਬੀ ਜਿੰਦਰਜੀਤ ਕੌਰ ਗਿੱਲ, ਬੀਬੀ ਚਰਨਜੀਤ ਕੌਰ ਗਿੱਲ ਅਤੇ ਬੀਬੀ ਕੁਲਦੀਪ ਕੌਰ ਧਨੋਆ ਆਦਿ ਸ਼ਾਮਿਲ ਸਨ | ਵਫ਼ਦ ਦੇ ਮੁਖੀ ਦਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਭ ਤੋਂ ਵੱਡੀ ਸੰਵਿਧਾਨਕ ਸੰਸਥਾ ਹੈ, ਜੋ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ | ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸਿੱਖ ਸ਼ਖਸੀਅਤ ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵਲੋਂ ਯੂਬਾਸਿਟੀ ਵਿਖੇ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਧਰਮ ਪ੍ਰਚਾਰ ਕੇਂਦਰ ਸਥਾਪਤ ਕਰਨ ਲਈ ਜ਼ਮੀਨ ਦਿੱਤੀ ਸੀ | ਅਮਰੀਕਾ ਦੀਆਂ ਸਿੱਖ ਸੰਗਤਾਂ ਅੰਦਰ ਇਸ ਕੇਂਦਰ ਦੀ ਸਥਾਪਨਾ ਪ੍ਰਤੀ ਵੱਡੀ ਉਤਸੁਕਤਾ ਹੈ ਤੇ ਇਸ ਸੰਬੰਧੀ ਸੰਗਤਾਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੀਆਂ | ਪ੍ਰਧਾਨ ਧਾਮੀ ਨੇ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਯੂਬਾਸਿਟੀ ਅੰਦਰ ਸ. ਬੈਂਸ ਵਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜ਼ਮੀਨ 'ਤੇ ਕੇਂਦਰ ਸਥਾਪਤ ਕਰਨਾ ਏਜੰਡੇ 'ਤੇ ਹੈ ਅਤੇ ਜਲਦ ਹੀ ਇਸ ਸੰਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਡੈੈਂਟ ਨਿਸ਼ਾਨ ਸਿੰਘ ਵੀ ਮੌਜੂਦ ਸਨ |
ਅਮਰੀਕੀ ਸਿੱਖ ਵਫ਼ਦ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੁਲਾਕਾਤ <br/>
ਅਜੀਤ ਡੈਸਕ
25-02-2026