ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਕਣਕ ਦੀ ਖ਼ਰੀਦ ਸੰਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ, ਜਿਸ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ | ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਲਗਭਗ 132 ਲੱਖ ਮੀਟਿ੍ਕ ਟਨ ਉਪਜ ਦੀ ਖ਼ਰੀਦ ਕੀਤੀ ਜਾਵੇਗੀ | ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ | ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿਚ ਇਹ ਲਿਆਂਦਾ ਗਿਆ ਕਿ ਭਾਰਤੀ ਖ਼ੁਰਾਕ ਨਿਗਮ ਵਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਲੱਖ ਮੀਟਿ੍ਕ ਟਨ ਕਣਕ ਅਤੇ 5 ਲੱਖ ਮੀਟਿ੍ਕ ਟਨ ਚੌਲ ਦੀ ਢੋਆ-ਢੁਆਈ ਕੀਤੀ ਜਾ ਰਹੀ ਹੈ, ਜਦੋਂ ਕਿ 2026-27 ਦੇ ਸੀਜ਼ਨ ਵਿਚ ਖਰੀਦੀ ਜਾਣ ਵਾਲੀ ਕਣਕ ਲਈ ਢੁਕਵੀਂ ਭੰਡਾਰਨ ਜਗ੍ਹਾ ਨੂੰ ਯਕੀਨੀ ਬਣਾਉਣ ਲਈ ਹਰ ਮਹੀਨੇ ਘੱਟੋ-ਘੱਟ 15 ਲੱਖ ਮੀਟਿ੍ਕ ਟਨ ਕਣਕ ਦੀ ਚੁਕਾਈ ਦੀ ਲੋੜ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸੰਬੰਧ ਵਿਚ ਸਮੇਂ-ਸਮੇਂ 'ਤੇ ਅਤੇ ਹਾਲ ਹੀ ਵਿਚ ਵੀ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਮੁੱਦਾ ਉਠਾਇਆ ਗਿਆ ਹੈ | ਇਸ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਸੰਬੰਧੀ ਕਣਕ ਦੇ ਸੁਰੱਖਿਅਤ ਭੰਡਾਰਨ ਨੂੰ ਯਕੀਨੀ ਬਣਾਉਣ ਲਈ ਵਿਭਾਗ ਪਲਿੰਥ ਬਣਾਉਣ ਅਤੇ ਚੌਲ ਮਿੱਲਾਂ ਵਿਚ ਖਾਲੀ ਥਾਵਾਂ ਦੀ ਵਰਤੋਂ ਕਰਨ 'ਤੇ ਵਿਚਾਰ ਕਰ ਰਿਹਾ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨਾਂ ਨਾਲ ਖ਼ਰੀਦ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ | ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਹੋਰ ਵਸਤਾਂ ਸੰਬੰਧੀ 3,91,320 ਪਲਾਸਟਿਕ ਦੇ ਕਰੇਟਾਂ ਲਈ ਆਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਚੋਂ 2,31,055 ਪ੍ਰਾਪਤ ਹੋ ਚੁੱਕੇ ਹਨ ਜਦੋਂ ਕਿ ਬਾਕੀ ਮਾਰਚ ਤੱਕ ਪ੍ਰਾਪਤ ਹੋ ਜਾਣਗੇ | ਇਸ ਤੋਂ ਇਲਾਵਾ 6,75,000 ਲੱਕੜ ਦੇ ਕਰੇਟਾਂ ਦੀ ਸਪਲਾਈ ਲਈ ਆਰਡਰ ਦਿੱਤੇ ਗਏ ਹਨ ਅਤੇ ਕਣਕ ਦੇ ਸੁਰੱਖਿਅਤ ਢੰਗ ਨਾਲ ਭੰਡਾਰ ਕਰਨ ਲਈ ਲੋੜੀਂਦੇ ਐਲ.ਪੀ.ਈ.ਡੀ ਕਵਰ (ਤਰਪਾਲਾਂ) ਵੀ ਉਪਲਬਧ ਹਨ | ਆੜ੍ਹਤੀਆਂ ਵਲੋਂ ਕਮਿਸ਼ਨ ਦੀਆਂ ਦਰਾਂ 45 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 64 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਸੰਬੰਧੀ ਮੰਤਰੀ ਸਮੂਹ ਦੇ ਇਹ ਵੀ ਧਿਆਨ ਵਿਚ ਲਿਆਂਦਾ ਗਿਆ ਕਿ ਸੂਬਾ ਸਰਕਾਰ ਵਲੋਂ ਹਰ ਸੰਭਵ ਮੌਕੇ 'ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾਇਆ ਜਾ ਰਿਹਾ ਹੈ | ਇਸ ਮੌਕੇ ਮੰਤਰੀ ਸਮੂਹ ਨੇ ਅਧਿਕਾਰੀਆਂ ਨੂੰ ਹਰ ਕਦਮ 'ਤੇ ਪਾਰਦਰਸ਼ਤਾ ਨਾਲ ਕਣਕ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਹਾਜ਼ਰ ਸਨ |