ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ | ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੁੱਲ 6110 ਅਸਾਮੀਆਂ ਵਿਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ | ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11.59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਕੀਤੀ ਗਈ ਸੀ, ਜਿਸ ਵਿਚ ਹੁਣ ਵਾਧਾ ਕੀਤਾ ਗਿਆ ਹੈ | ਇਸ ਅਨੁਸਾਰ ਹੁਣ ਪੰਜਾਬ ਰਾਜ ਦੀਆਂ ਯੋਗ (ਕੇਵਲ ਇਸਤਰੀਆਂ) ਉਮੀਦਵਾਰਾਂ 25 ਫਰਵਰੀ ਤੋਂ 11 ਮਾਰਚ 2026 ਰਾਤ 11.59 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੀਆਂ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਵਲੋਂ ਇਨ੍ਹਾਂ ਅਸਾਮੀਆਂ ਲਈ ਪਹਿਲਾਂ ਹੀ ਅਪਲਾਈ ਕੀਤਾ ਗਿਆ ਹੈ, ਉਨ੍ਹਾਂ ਨੂੰ ਮੁੜ ਤੋਂ ਅਰਜ਼ੀ ਦੇਣ ਦੀ ਲੋੜ ਨਹੀਂ | ਹਾਲਾਂਕਿ, ਜਿਨ੍ਹਾਂ ਉਮੀਦਵਾਰਾਂ ਦੀਆਂ ਅਰਜ਼ੀਆਂ ਪਹਿਲਾਂ ਦਸਤਾਵੇਜ਼ਾਂ ਦੀ ਘਾਟ ਕਾਰਨ ਰੱਦ ਹੋਈਆਂ ਸਨ, ਉਹ ਉਮੀਦਵਾਰ ਮੁੜ ਤੋਂ ਅਪਲਾਈ ਕਰ ਸਕਦੇ ਹਨ |