ਐੱਸ. ਏ. ਐੱਸ. ਨਗਰ, 25 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਪੂਰੀ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ 'ਚ 31 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੱਟ ਲਗਾਉਣ ਦੇ ਰੋਸ ਵਜੋਂ ਕਰਮਚਾਰੀਆਂ ਵਲੋਂ ਬੀਤੇ ਕੱਲ੍ਹ ਤੋਂ ਵਿਭਾਗ ਦਾ ਕੰਮ ਮੁਕੰਮਲ ਰੂਪ ਵਿਚ ਬੰਦ ਕਰਕੇ ਅੱਜ ਸਥਾਨਕ ਫੇਜ਼-8 ਸਥਿਤ ਵਿੱਦਿਆ ਭਵਨ ਦੇ ਦੋਵੇਂ ਗੇਟ ਬੰਦ ਕਰਕੇ ਘਿਰਾਓ ਕੀਤਾ ਗਿਆ | ਮੁਹਾਲੀ ਪ੍ਰਸ਼ਾਸਨ ਅਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਮਸਲਾ ਹੱਲ ਨਾ ਕਰਨ ਦੇ ਚਲਦਿਆਂ ਜਦੋਂ ਅੱਜ ਮੁਲਾਜ਼ਮਾਂ ਵਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ਵੱਲ ਕੂਚ ਕੀਤਾ ਤਾਂ ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਡ ਲਗਾ ਕੇ ਮੁਲਾਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਮੁੱਖ ਮੰਤਰੀ ਨਿਵਾਸ ਵੱਲ ਜਾਣ ਲਈ ਬਜ਼ਿੱਦ ਮੁਲਾਜ਼ਮਾਂ ਨੇ ਜਿਵੇਂ ਹੀ ਚੰਡੀਗੜ੍ਹ ਪੁਲਿਸ ਵਲੋਂ ਲਗਾਏ ਗਏ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਵਲੋਂ ਜਲ ਤੋਪਾਂ ਦੀ ਮਦਦ ਨਾਲ ਮੁਲਾਜ਼ਮਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ | ਇਸ ਦੌਰਾਨ ਕਈ ਦਫ਼ਤਰੀ ਕਰਮਚਾਰੀਆਂ ਦੀਆਂ ਦਸਤਾਰਾਂ ਲੱਥ ਗਈਆਂ, ਜਦਕਿ ਜਗਮੋਹਨ ਸਿੰਘ, ਰਮਨ ਭਗਤ, ਵਿਨੈ ਕੁਮਾਰ, ਅੰਮਿ੍ਤਪਾਲ ਸਿੰਘ ਤੇ ਗੁਰਵਿੰਦਰ ਕੌਰ ਤੇ ਮੈਡਮ ਰੇਨੰੂ ਆਦਿ ਕਰਮਚਾਰੀ ਜ਼ਖ਼ਮੀ ਹੋ ਗਏ | ਇਸ ਮੌਕੇ ਸਰਵ-ਸਿੱਖਿਆ ਅਭਿਆਨ ਮਿੱਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ ਤੇ ਜਗਮੋਹਨ ਸਿੰਘ ਨੇ ਦੱਸਿਆ ਕਿ ਤਨਖ਼ਾਹ ਕਟੌਤੀ ਨੂੰ ਲੈ ਕੇ ਮੁਲਾਜ਼ਮਾਂ ਵਲੋਂ 17 ਫਰਵਰੀ ਨੂੰ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਕਰਮਚਾਰੀਆਂ ਦੀ ਤਨਖ਼ਾਹ 'ਚ ਕਟੌਤੀ ਨਾ ਕਰਨ ਅਤੇ 1 ਅਪ੍ਰੈਲ 2018 ਤੋਂ ਰੈਗੂਲਰ ਆਰਡਰ ਦੇਣ ਸੰਬੰਧੀ ਫਾਈਲ 2 ਦਿਨਾਂ ਵਿਚ ਵਿੱਤ ਵਿਭਾਗ ਨੂੰ ਭੇਜਣ ਸਮੇਤ ਸਾਰੇ ਕਰਮਚਾਰੀਆਂ ਨੂੰ ਇਕ ਵਾਰ ਵਿਚ ਹੀ ਆਰਡਰ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਵਿਭਾਗ ਆਪਣੇ ਵਾਅਦੇ ਤੋਂ ਪਲਟ ਰਿਹਾ ਹੈ ਅਤੇ ਕਰਮਚਾਰੀਆਂ ਦੀ ਫਾਈਲ ਅੱਜ ਵੀ ਸਿੱਖਿਆ ਵਿਭਾਗ ਵਿਚ ਘੁੰਮ ਰਹੀ ਹੈ | ਇਸੇ ਦੌਰਾਨ ਗੁਰਮੀਤ ਸਿੰਘ, ਜੈਵਲ ਜੈਨ, ਵਰਿੰਦਰ ਸਿੰਘ, ਜਨਕ ਸਿੰਘ, ਅਮਨ ਥਾਪਰ, ਪ੍ਰਵੀਨ ਸ਼ਰਮਾ ਤੇ ਅਸ਼ੀਸ਼ ਜੁਲਾਹਾ ਨੇ ਕਿਹਾ ਕਿ ਬੀਤੇ ਦਿਨੀਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਵੀ ਸਿੱਖਿਆ ਵਿਭਾਗ ਦੇ ਅਧਿਕਾਰੀ ਮੁਨਕਰ ਹੋ ਰਹੇ ਹਨ | ਅੱਜ ਮੁਹਾਲੀ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 27 ਫਰਵਰੀ ਦੀ ਮੀਟਿੰਗ ਤੈਅ ਕਰਵਾਈ ਗਈ ਹੈ, ਜਿਸ ਤੋਂ ਬਾਅਦ ਮੁਲਾਜ਼ਮਾਂ ਵਲੋਂ ਅੱਜ ਮੁੱਖ ਮੰਤਰੀ ਦੇ ਨਿਵਾਸ ਵੱਲ ਕੂਚ ਦਾ ਪ੍ਰੋਗਰਾਮ ਮੁਲਤਵੀ ਕਰਦਿਆਂ ਵਿੱਦਿਆ ਭਵਨ ਦੇ ਬਾਹਰ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ |