ਚੰਡੀਗੜ੍ਹ, 26 ਫਰਵਰੀ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਖੇਤਰ ਵਿਚ ਲਿਆਂਦੇ ਜਾ ਰਹੇ ਬਦਲਾਅ ਦੀ ਕੜੀ ਤਹਿਤ ਪੰਜਾਬ ਦੇ ਵਿੱਦਿਅਕ ਇਤਿਹਾਸ ਵਿਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵੱਲ ਕਦਮ ਵਧਾਉਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰਾਜੈਕਟ ਦਾ ਐਲਾਨ ਕੀਤਾ | ਪੰਜਾਬ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਇਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈੱਸ ਕਰਨ ਦੇ ਨਾਲ ਨਾਲ ਸੂਬੇ ਭਰ ਵਿਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ | ਉਨ੍ਹਾਂ ਕਿਹਾ ਕਿ 20 ਮਾਰਚ ਤੱਕ ਪੰਜਾਬ ਦੇ ਹਰ ਜ਼ਿਲ੍ਹੇ ਦੇ ਹਰ ਸਕੂਲ ਨੂੰ ਨਵੇਂ ਡਿਜੀਟਲ ਉਪਕਰਣ ਮਿਲ ਜਾਣਗੇ | ਉਨ੍ਹਾਂ ਦੱਸਿਆ ਕਿ 5,000 ਸਰਕਾਰੀ ਸਕੂਲਾਂ ਵਿਚ ਸਮਰਪਿਤ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੰਪਿਊਟਰ ਲੈਬਾਂ ਯਕੀਨੀ ਬਣਾਈਆਂ ਜਾਣ | ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ 21 ਫਰਵਰੀ ਤੋਂ 20 ਮਾਰਚ ਤੱਕ ਸਕੂਲ ਪੱਧਰੀ ਅਨਬਾਕਸਿੰਗ ਸੈਲੀਬ੍ਰੇਸ਼ਨ ਪ੍ਰੋਗਰਾਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿਚ ਮਾਪਿਆਂ, ਸਕੂਲ ਪ੍ਰਬੰਧਨ ਕਮੇਟੀਆਂ, ਪੰਚਾਇਤਾਂ, ਸੇਵਾਮੁਕਤ ਅਧਿਆਪਕਾਂ ਅਤੇ ਸਾਬਕਾ ਸੈਨਿਕਾਂ ਨੂੰ ਇਸ ਨਵੇਂ ਡਿਜੀਟਲ ਯੁੱਗ ਦੀ ਸ਼ੁਰੂਆਤ ਦੇ ਗਵਾਹ ਬਣਨ ਲਈ ਸੱਦਾ ਦਿੱਤਾ ਜਾਵੇਗਾ | ਟੀ.ਈ.ਟੀ. ਸਬੰਧੀ ਯੋਗਤਾਵਾਂ ਬਾਰੇ ਜਵਾਬ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਹਰੇਕ ਅਧਿਆਪਕ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਤੁਹਾਡੀਆਂ ਨੌਕਰੀਆਂ ਸੁਰੱਖਿਅਤ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਕਾਨੂੰਨੀ ਹੱਲ ਲੱਭੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਅਧਿਆਪਕ ਯੂਨੀਅਨਾਂ ਦੇ ਨਿਰੰਤਰ ਸੰਪਰਕ ਵਿਚ ਹਨ ਅਤੇ ਅਸੀਂ ਕਾਨੂੰਨੀ ਰਾਹ ਦੀ ਭਾਲ ਕਰ ਰਹੇ ਹਾਂ |