ਅੰਮਿ੍ਤਸਰ, 26 ਫ਼ਰਵਰੀ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕਰਕੇ ਦੋ ਦਿਨਾ ਖ਼ਾਲਸਾ ਵਹੀਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕੀਤੀ ਗਈ | ਇਸ ਖ਼ਾਲਸਾ ਵਹੀਰ ਵਿਚ ਜਥੇਬੰਦੀ ਦੇ ਸਰਪ੍ਰਸਤ ਤੇ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਤੇ ਮਾਤਾ ਬੀਬੀ ਬਲਵਿੰਦਰ ਕੌਰ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨੀ ਨਸ਼ਿਆਂ, ਬੇਰੁਜ਼ਗਾਰੀ ਅਤੇ ਪਰਵਾਸ ਦੇ ਹਮਲਿਆਂ ਦਾ ਸ਼ਿਕਾਰ ਹੋ ਰਹੀ ਹੈ ਤੇ ਖ਼ਾਲਸਾ ਵਹੀਰ ਦਾ ਮਕਸਦ ਸਿੱਖ ਨੌਜਵਾਨਾਂ ਨੂੰ ਗੁਰਬਾਣੀ, ਗੁਰਮਤਿ ਅਤੇ ਖ਼ਾਲਸਾਈ ਜੀਵਨ ਸ਼ੈਲੀ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਵਹੀਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੇ ਨਾਲ ਨਾਲ ਪੰਥ ਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਨੂੰ ਵਹੀਰ ਵਿਚ ਸ਼ਾਮਿਲ ਹੋਣ ਦਾ ਸੱਦਾ ਮਿਲਿਆ ਸੀ, ਜਿਸ 'ਤੇ ਉਹ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਣ ਤੇ ਪੰਥਕ ਮੁੱਦਿਆਂ ਨੂੰ ਲੈ ਕੇ ਇਹ ਵਹੀਰ ਕੱਢੀ ਗਈ ਹੈ | ਇਸ ਮੌਕੇ ਭਾਈ ਪਰਮਜੀਤ ਸਿੰਘ ਜੌਹਲ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਦੀਪ ਸਿੱਧੂ ਦੇ ਭਰਾਤਾ ਮਨਦੀਪ ਸਿੰਘ ਸਿੱਧੂ, ਬਾਬੂ ਸਿੰਘ ਬਰਾੜ, ਚਾਚਾ ਪ੍ਰਗਟ ਸਿੰਘ, ਚਾਚਾ ਸੁਖਚੈਨ ਸਿੰਘ, ਸਰਬਜੀਤ ਸਿੰਘ ਸੋਹਲ, ਸਰਬਜੀਤ ਸਿੰਘ ਖ਼ਾਨਪੁਰ, ਅਜੇਪਾਲ ਸਿੰਘ ਢਿੱਲੋਂ, ਅਮਨਦੀਪ ਸਿੰਘ ਡੱਡੂਆਣਾਂ, ਪ੍ਰਗਟ ਸਿੰਘ ਮੀਆਂਵਿੰਡ, ਸ਼ਮਸ਼ੇਰ ਸਿੰਘ ਪੱਧਰੀ, ਦਲਜੀਤ ਸਿੰਘ ਮਿਆਦੀਆਂ, ਪ੍ਰਕਾਸ਼ ਸਿੰਘ ਬਾਦਲ, ਜੁਗਰਾਜ ਸਿੰਘ ਭੰਗਵਾਂ, ਐਡਵੋਕੇਟ ਕਰਨਬੀਰ ਸਿੰਘ, ਦਿੱਲੀ ਕਮੇਟੀ ਤੋਂ ਮਨਜੀਤ ਸਿਘ ਭੋਮਾ ਸਮੇਤ ਹੋਰ ਆਗੂ ਤੇ ਸੰਗਤਾਂ ਹਾਜ਼ਰ ਸਨ |