ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ)-ਕੌਮੀ ਜੋੜ ਮੇਲਾ ਹੋਲਾ ਮਹੱਲਾ ਦੇ ਪਵਿੱਤਰ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਉਣ ਵਾਲੀ ਵੱਡੀ ਗਿਣਤੀ ਵਿਚ ਸੰਗਤ ਦੀ ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਵਿਸ਼ਾਲ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ | ਸ੍ਰੀ ਅਨੰਦਪੁਰ ਸਾਹਿਬ ਦੇ ਪੁਲਿਸ ਥਾਣਾ ਵਿਖੇ ਗੱਲਬਾਤ ਕਰਦਿਆਂ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਹੋਲੇ ਮਹੱਲੇ ਮੌਕੇ ਲਗਭਗ 50 ਲੱਖ ਤੋਂ ਵੱਧ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਲਈ 5000 ਤੋਂ ਵੱਧ ਪੁਲਿਸ ਕਰਮਚਾਰੀ ਮੈਦਾਨ ਵਿਚ ਤੈਨਾਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸੰਗਤ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਪੁਲਿਸ 24 ਘੰਟੇ ਸੇਵਾ ਵਿਚ ਹਾਜ਼ਰ ਰਹੇਗੀ | ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਨੂੰ 13 ਸੈਕਟਰਾਂ ਵਿਚ ਵੰਡ ਕੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਮੇਲਾ ਖੇਤਰ ਵਿਚ 200 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ | ਜਦੋਂਕਿ ਛੇ ਡਰੋਨ ਤੈਨਾਤ ਕਰਕੇ ਖੇਤਰ ਨਿਗਰਾਨੀ ਟੀਮਾਂ ਰਾਹੀਂ ਭੀੜ ਦੀ ਨਿਗਰਾਨੀ ਕੀਤੀ ਜਾਵੇਗੀ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਨਾਲ ਸਹਿਯੋਗ ਕਰਕੇ ਹੋਲਾ ਮਹੱਲਾ ਨੂੰ ਸ਼ਾਂਤੀ, ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇ | ਇਸ ਮੌਕੇ ਡੀ.ਆਈ.ਜੀ. ਨਾਨਕ ਸਿੰਘ, ਐਸ.ਐਸ.ਪੀ. ਮਨਿੰਦਰ ਸਿੰਘ, ਐਸ.ਪੀ. ਅਰਵਿੰਦ ਮੀਨਾ, ਡੀ.ਐਸ.ਪੀ. ਜਸ਼ਨਦੀਪ ਸਿੰਘ, ਡੀ.ਐਸ.ਪੀ. ਹਰਕੀਰਤ ਸਿੰਘ ਆਦਿ ਹਾਜ਼ਰ ਸਨ |