ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰੰਭਤਾ ਦੀ ਕੀਤੀ ਅਰਦਾਸ
ਜੇ. ਐਸ. ਨਿੱਕੁੂਵਾਲ ਕਰਨੈਲ ਸਿੰਘ
ਸ੍ਰੀ ਅਨੰਦਪੁਰ ਸਾਹਿਬ, 2 ਮਾਰਚ-ਖ਼ਾਲਸਾਈ ਪੰਥ ਦੇ ਜਾਹੋ ਜਲਾਲ ਤੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਖ਼ਾਲਸਾਈ ਪ੍ਰੰਪਰਾਵਾਂ ਨਾਲ ਆਰੰਭ ਹੋ ਗਿਆ ਹੈ | ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ | ਇਸ ਤੋਂ ਪਹਿਲਾਂ ਮੇਲੇ ਦੀ ਅਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤੀ ਗਈ | ਉਪਰੰਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਭਾਰਤੀ ਲੋਕਾਈ 'ਚ ਨਵਾਂ ਜੋਸ਼ ਅਤੇ ਕੁਰਬਾਨੀ ਦਾ ਜਜ਼ਬਾ ਪੈਦਾ ਕਰਦਿਆਂ ਸਮੇਂ ਦੀ ਜਾਬਰ ਅਤੇ ਜ਼ਾਲਮ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਲਈ ਰਵਾਇਤੀ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1700 ਈ: 'ਚ ਹੋਲੇ ਮਹੱਲੇ ਦੀ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ 'ਤੇ ਆਰੰਭਤਾ ਕੀਤੀ ਗਈ ਸੀ | ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬ ਜੀ ਵਲੋਂ ਆਰੰਭ ਕੀਤੀ ਹੋਲੇ ਮਹੱਲੇ ਦੀ ਪਰੰਪਰਾ ਖ਼ਾਲਸਾ ਪੰਥ ਨੂੰ ਹਮੇਸ਼ਾ ਸੰਘਰਸ਼ਸ਼ੀਲ ਅਤੇ ਤਿਆਰ-ਬਰ-ਤਿਆਰ ਰਹਿਣ ਦਾ ਸੁਨੇਹਾ ਦਿੰਦੀ ਹੈ | ਹੋਲੇ ਮਹੱਲੇ ਦੀ ਅਰੰਭਤਾ ਦੇ ਸਮਾਗਮਾਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਗਿਆਨੀ ਰਣਜੀਤ ਸਿੰਘ ਗੋਹਰ-ਏ-ਮਸ਼ਕੀਨ, ਜਥੇਦਾਰ ਜਰਨੈਲ ਸਿੰਘ ਔਲਖ ਆਦਿ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ |
5 ਮਾਰਚ ਤੱਕ ਸਮਾਗਮ
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ ਅੰਤਿ੍ਗ ਕਮੇਟੀ ਮੈਂਬਰ, ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ ਆਦਿ ਨੇ ਦੱਸਿਆ ਕਿ ਅੱਜ 2 ਮਾਰਚ ਤੋਂ 5 ਮਾਰਚ ਤੱਕ ਹੋਲਾ ਮਹੱਲਾ ਸਬੰਧੀ ਲਗਾਤਾਰ ਗੁਰਮਤਿ ਸਮਾਗਮ ਚੱਲਣਗੇ ਤੇ 4 ਮਾਰਚ ਨੂੰ ਪੰਜ ਪਿਆਰਿਆਂ ਦੀ ਅਗਵਾਈ 'ਚ ਰਵਾਇਤੀ ਮਹੱਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਵੇਰੇ 11.30 ਵਜੇ ਆਰੰਭ ਹੋ ਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਕਿਲ੍ਹਾ ਹੋਲਗੜ੍ਹ ਸਾਹਿਬ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ |
ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਛਾਉਣੀਆਂ 'ਚ ਸਜੇ
ਹੋਲੇ ਮਹੱਲੇ ਦੇ ਪਹਿਲੇ ਦਿਨ ਗੁਰੂ ਕੀਆਂ ਲਾਡਲੀਆਂ ਫੌਜਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ 'ਚ ਆਪਣੀਆਂ ਆਪਣੀਆਂ ਛਾਉਣੀਆਂ 'ਚ ਸੱਜ ਗਏ ਹਨ | ਨਿਹੰਗ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਗੁਰਦੁਆਰਾ ਗੁਰੂ ਕਾ ਬਾਗ, ਗੁ: ਸ਼ਹੀਦੀ ਬਾਗ ਵਿਖੇ ਤਰਨਾ ਦਲ, ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾ, ਦਲ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ, ਤਰਨਾ ਦਲ ਮੜ੍ਹੀਆਂ ਵਾਲੇ, ਤਰਨਾ ਦਲ ਬਾਬਾ ਬਕਾਲਾ ਆਦਿ ਛਾਉਣੀਆਂ ਸਮੁੱਚੇ ਮੇਲੇ 'ਚ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ | ਇਸ ਮੌਕੇ ਵਧੀਕ ਮੈਨੈਜਰ ਐਡਵੋਕੇਟ ਹਰਦੇਵ ਸਿੰਘ ਅਤੇ ਸੰਦੀਪ ਸਿੰਘ ਕਲੋਤਾ, ਮੀਤ ਮੈਨੇਜਰ ਐਡ: ਜਸਵੀਰ ਸਿੰਘ ਤੇ ਭੁਪਿੰਦਰ ਸਿੰਘ, ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਸਰਬਜੀਤ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਮੁਖਤਿਆਰ ਸਿੰਘ, ਜਥੇਦਾਰ ਮੋਹਣ ਸਿੰਘ ਢਾਹੇ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਹਰਦੇਵ ਸਿੰਘ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਮਨਜਿੰਦਰ ਸਿੰਘ ਬਰਾੜ, ਹਰਦੇਵ ਸਿੰਘ ਦੇਬੀ, ਚੰਦਰਪਾਲ ਸਿੰਘ, ਦਵਿੰਦਰ ਸਿੰਘ ਢਿਲੋਂ, ਸੁਖਵੀਰ ਸਿੰਘ ਕਲਮਾਂ, ਜਗਨੰਦਨ ਸਿੰਘ ਸੰਧੂ ਆਦਿ ਹਾਜ਼ਰ ਸਨ |
ਖ਼ਾਲਸਾਈ ਜਾਹੋ ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਆਰੰਭ <br/>
ਅਜੀਤ ਡੈਸਕ
03-03-2026