ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਇਸ ਵਾਰ 28 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਹੋਵੇਗਾ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਅੰਤਿੰ੍ਰਗ ਕਮੇਟੀ ਦੀ ਹੋਈ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੰਤਿ੍ੰਗ ਕਮੇਟੀ ਨੇ ਬਜਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਇਹ ਫ਼ੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਇਸ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ, ਸੈਕਸ਼ਨ 85 ਅਤੇ 87 ਨਾਲ ਸੰਬੰਧਿਤ ਗੁਰਦੁਆਰਾ ਸਾਹਿਬਾਨ, ਧਰਮ ਪਚਾਰ ਕਮੇਟੀ, ਟਰੱਸਟ ਵਿਭਾਗ, ਜਨਰਲ ਬੋਰਡ ਫੰਡ, ਵਿੱਦਿਅਕ ਅਦਾਰੇ, ਪਿ੍ੰਟਿੰਗ ਪ੍ਰੈੱਸਾਂ, ਸਿੱਖ ਇਤਿਹਾਸ ਰਿਸਰਚ ਬੋਰਡ ਆਦਿ ਦਾ ਸਾਲਾਨਾ ਬਜਟ ਪਾਸ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜ ਵਿਚਾਰੇ ਜਾਣਗੇ | ਉਨ੍ਹਾਂ ਦੱਸਿਆ ਕਿ ਬੇਅਦਬੀਆਂ ਦੇ ਮਾਮਲਿਆਂ ਸੰਬੰਧੀ ਕਾਨੂੰਨ ਬਣਾਉਣ ਲਈ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਰੇ ਧਰਮ ਅਤੇ ਧਰਮ ਗ੍ਰੰਥ ਸਤਿਕਾਰਯੋਗ ਹਨ, ਪ੍ਰੰਤੂ ਗੁਰਬਾਣੀ ਬੇਅਦਬੀ ਦੇ ਮਾਮਲਿਆਂ ਵਿਚ ਮਿਸਾਲੀ ਸਜ਼ਾਵਾਂ ਲਈ ਵੱਖਰਾ ਕਾਨੂੰਨ ਬਣਾਉਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੇ ਰਤਲਾਮ ਵਿਚ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਸਿੱਖ ਬੱਚੀ ਦੀ ਦਸਤਾਰ ਅਤੇ ਕਿਰਪਾਨ ਉਤਾਰੇ ਜਾਣ ਦੀ ਘਟਨਾ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਇਸ ਨੂੰ ਸਿੱਖਾਂ ਦੇ ਮੌਲਿਕ ਅਧਿਕਾਰਾਂ 'ਤੇ ਹਮਲਾ ਕਰਾਰ ਦਿੱਤਾ ਗਿਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 11 ਤੋਂ 14 ਮਾਰਚ ਤੱਕ ਪਿੰਡ ਵਾਂ, (ਜ਼ਿਲ੍ਹਾ ਤਰਨ ਤਾਰਨ) ਵਿਖੇ ਮਨਾਈ ਜਾਵੇਗੀ ਤੇ ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੀ.ਟੀ.ਸੀ. ਚੈਨਲ ਵੱਲ ਸ਼੍ਰੋਮਣੀ ਕਮੇਟੀ ਦਾ ਬਕਾਇਆ ਹੋਣ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਸਥਾਪਿਤ ਕਰਨ ਲਈ ਵੀ ਨਿਰੰਤਰ ਕਾਰਜਸ਼ੀਲ ਹੈ | ਇਕੱਤਰਤਾ 'ਚ ਸੀਨੀ: ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੇ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰ ਮਾਸਟਰ ਕਾਹਨੇਕੇ ਸਮੇਤ ਤਿੰਨ ਮੈਂਬਰ ਸ਼ਾਮਿਲ ਨਹੀਂ ਹੋਏ ਜਦੋਂ ਕਿ ਪ੍ਰਧਾਨ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ ਸਮੇਤ ਓ. ਐੱਸ. ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਹਰਭਜਨ ਸਿੰਘ ਵਕਤਾ ਤੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸਮੇਤ ਹੋਰ ਸ਼ਾਮਿਲ ਸਨ |