ਚੰਡੀਗੜ੍ਹ, 6 ਮਾਰਚ (ਸੰਦੀਪ ਕੁਮਾਰ ਮਾਹਨਾ)-ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਰਾਜਪਾਲ ਦੇ ਸੰਬੋਧਨ ਦੌਰਾਨ ਸਰਕਾਰ ਦੇ ਮੰਤਰੀਆਂ ਵਲੋਂ ਸਦਨ ਤੋਂ ਬਾਹਰ ਆ ਕੇ ਪੈੱ੍ਰਸ ਕਾਨਫ਼ਰੰਸ ਕਰਨਾ ਸੰਵਿਧਾਨਕ ਮਰਿਆਦਾਵਾਂ ਦੀ ਅਣਦੇਖੀ ਨੂੰ ਦਰਸਾਉਂਦਾ ਹੈ | ਕੇਂਦਰੀ ਰਾਜ ਮੰਤਰੀ ਬਿੱਟੂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕੀਤੇ ਇਕ ਟਵੀਟ ਰਾਹੀਂ ਕਿਹਾ ਕਿ ਰਾਜਪਾਲ ਦਾ ਸੰਬੋਧਨ ਵਿਧਾਨ ਸਭਾ ਦੀ ਕਾਰਵਾਈ ਦਾ ਇਕ ਮਹੱਤਵਪੂਰਨ ਅਤੇ ਰਵਾਇਤੀ ਹਿੱਸਾ ਹੁੰਦਾ ਹੈ, ਜਿਸ ਰਾਹੀਂ ਸਰਕਾਰ ਆਪਣੀਆਂ ਨੀਤੀਆਂ ਅਤੇ ਯੋਜਨਾਵਾਂ ਬਾਰੇ ਸਦਨ ਅਤੇ ਲੋਕਾਂ ਨੂੰ ਜਾਣੂ ਕਰਵਾਉਂਦੀ ਹੈ | ਇਸ ਦੌਰਾਨ ਸੱਤਾ ਧਿਰ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਹਾਜ਼ਰੀ ਲਾਜ਼ਮੀ ਮੰਨੀ ਜਾਂਦੀ ਹੈ, ਪਰ ਪੰਜਾਬ ਵਿਚ ਇਸ ਪਰੰਪਰਾ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ 'ਚ ਬੈਠੇ ਲੋਕਾਂ ਨੂੰ ਘੱਟੋ-ਘੱਟ ਇਹ ਸ਼ਿਸ਼ਟਾਚਾਰ ਤਾਂ ਦਿਖਾਉਣਾ ਚਾਹੀਦਾ ਹੈ ਕਿ ਉਹ ਸਦਨ ਅੰਦਰ ਮੌਜੂਦ ਰਹਿ ਕੇ ਰਾਜਪਾਲ ਦੇ ਸੰਬੋਧਨ ਨੂੰ ਧਿਆਨ ਨਾਲ ਸੁਣਨ ਅਤੇ ਸੰਸਦੀ ਪਰੰਪਰਾਵਾਂ ਦਾ ਸਤਿਕਾਰ ਕਰਨ | ਬਿੱਟੂ ਨੇ ਕਿਹਾ ਕਿ ਜੇਕਰ ਸਰਕਾਰ ਦੇ ਆਪਣੇ ਹੀ ਮੰਤਰੀ ਇਸ ਪ੍ਰਕਿਰਿਆ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ ਤਾਂ ਇਹ ਸਵਾਲ ਖੜ੍ਹਦਾ ਹੈ ਕਿ ਕੀ ਰਾਜਪਾਲ ਦਾ ਸੰਬੋਧਨ ਉਨ੍ਹਾਂ ਲਈ ਸਿਰਫ਼ ਇਕ ਰਸਮੀ ਕਾਰਵਾਈ ਬਣ ਕੇ ਰਹਿ ਗਿਆ ਹੈ |