ਗਾਂਧੀਨਗਰ, 8 ਮਾਰਚ (ਪੀ. ਟੀ. ਆਈ.)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸ਼ਾਸਿਤ ਗੁਜਰਾਤ ਵਿਚ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਜਾਂ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਨਹੀਂ ਮਿਲਦਾ ਅਤੇ ਜੇਕਰ ਉਹ ਆਪਣੀ ਆਵਾਜ਼ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਜੇਲ੍ਹਾਂ ਵਿਚ ਸੁੱਟ ਦਿੱਤਾ ਜਾਂਦਾ ਹੈ | 'ਪਰਿਵਰਤਨ ਲਾਓ, ਕਿਸਾਨ ਬਚਾਓ' ਰੈਲੀ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਿ੍ਸ਼ਟਾਚਾਰ ਵਿਰੁੱਧ ਆਵਾਜ਼ ਉਠਾਉਣ ਲਈ ਮੌਜੂਦਾ ਮੁੱਖ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਸੀ | ਹਾਲਾਂਕਿ, ਆਮ ਆਦਮੀ ਪਾਰਟੀ ਦੇ ਨੇਤਾ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਉਨ੍ਹਾਂ ਨੂੰ ਹਾਲ ਹੀ ਵਿਚ ਬਰੀ ਕੀਤੇ ਜਾਣ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਅਦਾਲਤ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕੋਈ ਕੇਸ ਨਹੀਂ ਬਣਦਾ ਹੈ | 'ਆਪ' ਨੇਤਾ ਨੇ ਅੱਗੇ ਕਿਹਾ ਕਿ ਭਾਜਪਾ ਨੇ ਕਿਹਾ ਕਿ ਉਹ ਚੋਰ ਹੈ ਪਰ ਅਦਾਲਤਾਂ ਨੇ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਕਿ ਇਸ ਮਾਮਲੇ ਵਿਚ ਉਨ੍ਹਾਂ 'ਤੇ ਮੁਕੱਦਮਾ ਚਲਾਉਣ ਲਈ ਕੋਈ ਸਬੂਤ ਨਹੀਂ ਹੈ | ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਪਿਛਲੇ ਸਾਲ ਜ਼ਿਲ੍ਹਾ ਬੋਟਾਦ ਦੇ ਹਦਾਦ ਵਿਚ ਕਿਸਾਨਾਂ ਨੂੰ ਆਪਣੀ ਆਵਾਜ਼ ਚੁੱਕਣ ਲਈ ਜੇਲ੍ਹ ਵਿਚ ਸੁੱਟ ਕੇ ਅੱਤਿਆਚਾਰ ਕੀਤੇ | ਗੁਜਰਾਤ ਦੇ ਕਿਸਾਨ ਖ਼ੂਨ ਦੇ ਹੰਝੂ ਰੋ ਰਹੇ ਹਨ | ਕੁਝ ਥਾਵਾਂ 'ਤੇ ਪੀਣ ਵਾਲਾ ਪਾਣੀ ਨਹੀਂ ਹੈ ਤਾਂ ਕੁਝ ਥਾਵਾਂ 'ਤੇ ਸਿੰਚਾਈ ਲਈ ਪਾਣੀ ਨਹੀਂ ਹੈ | ਕੀਮਤਾਂ ਸੀਮਤ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਸਹੀ ਮੁੱਲ ਨਹੀਂ ਮਿਲ ਰਹੇ | ਕੇਜਰੀਵਾਲ ਨੇ ਕਿਹਾ ਕਿ ਭਾਜਪਾ 30 ਸਾਲਾਂ ਤੋਂ ਸੱਤਾ ਵਿਚ ਹੈ ਪਰ ਉਨ੍ਹਾਂ ਨੇ ਇਨ੍ਹਾਂ 30 ਸਾਲਾਂ ਵਿਚ ਕੁਝ ਨਹੀਂ ਕੀਤਾ ਅਤੇ ਕਿਸਾਨਾਂ ਨੂੰ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ |