ਕਿਹਾ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਸਕੀਮ' ਨਾਲ ਔਰਤਾਂ ਦਾ ਮਾਣ ਵਧਿਆ
ਜਲੰਧਰ, 10 ਮਾਰਚ (ਜਸਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਤੇ ਭਵਿੱਖ 'ਚ ਵੀ ਉਹ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰਨ ਦਾ ਯਤਨ ਕਰਨਗੇ | ਇਹ ਭਰੋਸਾ ਉਨ੍ਹਾਂ ਅੱਜ ਇੱਥੇ ਕਰਵਾਏ ਇਕ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹੁਸ਼ਿਆਰਪੁਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਮੌਕੇ ਦਿੱਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦਾ ਇੱਕੋ-ਇੱਕ ਏਜੰਡਾ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਤੇ ਇਸ ਸੰਬੰਧੀ ਪੰਜਾਬ ਸਰਕਾਰ ਲਗਾਤਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ | ਇਸ ਮੌਕੇ ਉਨ੍ਹਾਂ ਲੋਕ ਮਿਲਣੀ ਪ੍ਰੋਗਰਾਮ ਬਾਰੇ ਗੱਲ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ 'ਤੇ ਹੱਲ ਕਰਨ 'ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ ਦਾ ਇਹ ਇਕ ਪ੍ਰਭਾਵਸ਼ਾਲੀ ਢੰਗ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ | ਉਹ ਸਮੇਂ-ਸਮੇਂ 'ਤੇ ਮੀਟਿੰਗਾਂ ਵਿਚ ਸ਼ਿਕਾਇਤਾਂ ਦੀ ਸਥਿਤੀ ਅਤੇ ਲੰਬਿਤ ਪਏ ਕੇਸਾਂ ਦੀ ਨਿੱਜੀ ਤੌਰ 'ਤੇ ਸਮੀਖਿਆ ਵੀ ਕਰਨਗੇ | ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪੰਜਾਬ ਸਰਕਾਰ ਵਲੋਂ ਆਮ ਪਰਿਵਾਰਾਂ ਦੀ ਸਹਾਇਤਾ ਲਈ ਚੁੱਕਿਆ ਗਿਆ ਇਕ ਵੱਡਾ ਕਦਮ ਹੈ | ਇਸ ਯੋਜਨਾ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਤੇ ਇਹ ਸਹਾਇਤਾ ਔਰਤਾਂ ਦੇ ਮਾਣ ਤੇ ਸਤਿਕਾਰ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 'ਮੇਰੀ ਰਸੋਈ' ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਕਣਕ ਤੋਂ ਇਲਾਵਾ ਮੁਫਤ ਰਸਦ ਕਿੱਟਾਂ ਪ੍ਰਾਪਤ ਹੋਣਗੀਆਂ | ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਲਾਹਨਤ ਨੂੰ ਦੂਰ ਕਰਨ ਲਈ ਸਰਕਾਰ ਦੇ ਯਤਨਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮਿਲਣ ਤਾਂ ਜੋ ਉਹ ਇੱਕ ਬਿਹਤਰ ਭਵਿੱਖ ਬਣਾ ਸਕਣ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਚੁਣੌਤੀਆਂ ਦੀ ਜੜ੍ਹ ਹੈ ਅਤੇ ਸਰਕਾਰ ਪਹਿਲਾਂ ਹੀ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ | ਸਿੰਚਾਈ ਅਤੇ ਬਿਜਲੀ ਸਪਲਾਈ ਵਿਚ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਸੈਕਟਰਾਂ ਵਿਚ ਬਿਜਲੀ ਦੀਆਂ ਦਰਾਂ ਘਟਾ ਦਿੱਤੀਆਂ ਗਈਆਂ ਹਨ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿਚ ਕਾਫ਼ੀ ਵਾਧਾ ਹੋਇਆ ਹੈ | ਸਿੱਖਿਆ ਸੁਧਾਰਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਮਾਰਟ ਕਲਾਸਰੂਮ, ਪੂਰੀ ਤਰ੍ਹਾਂ ਲੈਸ ਲੈਬਾਰਟਰੀਆਂ ਅਤੇ ਆਧੁਨਿਕ ਸਹੂਲਤਾਂ ਨਾਲ ਪੰਜਾਬ ਭਰ ਵਿਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ | ਅਧਿਆਪਕਾਂ ਅਤੇ ਪਿ੍ੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਆਧੁਨਿਕ ਸਿੱਖਿਆ ਅਭਿਆਸਾਂ ਨੂੰ ਅਪਣਾ ਸਕਣ ਅਤੇ ਵਿਦਿਆਰਥੀਆਂ ਨੂੰ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕੀਤਾ ਜਾ ਸਕੇ |
ਪੰਜਾਬ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ-ਭਗਵੰਤ ਮਾਨ
ਜਲੰਧਰ 'ਚ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹੁਸ਼ਿਆਰਪੁਰ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ, ਨਾਲ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਹੋਰ | ਤਸਵੀਰ ਜੀ. ਪੀ. ਸਿੰਘ <br/>
11-03-2026