ਚੰਡੀਗੜ੍ਹ, 11 ਮਾਰਚ (ਵਿਕਰਮਜੀਤ ਸਿੰਘ ਮਾਨ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਅੰਦਰ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਸਖਤ ਨਿੰਦਾ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਗਿਆ ਬਜਟ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਆਪਣੇ ਆਗੂ ਦੇ ਬਿਆਨ 'ਤੇ ਆਪਣਾ ਸਟੈਂਡ ਸਪੱਸ਼ਟ ਕਰੇ ਅਤੇ ਪੰਜਾਬ ਦੀਆਂ ਮਹਿਲਾਵਾਂ ਤੋਂ ਮੁਆਫ਼ੀ ਮੰਗੇ | ਉਨ੍ਹਾਂ ਖਹਿਰਾ ਨੂੰ ਸਵਾਲ ਕੀਤਾ ਕਿ ਕੀ ਗਰੀਬ ਘਰਾਂ ਦੀਆਂ ਮਹਿਲਾਵਾਂ ਜਾਂ ਸਰਕਾਰ ਦੀ ਇਸ ਪਹਿਲ 'ਤੇ ਖੁਸ਼ੀ ਮਨਾਉਣ ਵਾਲੀਆਂ ਮਹਿਲਾਵਾਂ ਸੂਰਮੇ ਜੰਮਣ ਦੇ ਯੋਗ ਨਹੀਂ ਹਨ? ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਰਮੇ ਸਿਰਫ਼ ਅਮੀਰ ਘਰਾਂ ਵਿਚ ਹੀ ਨਹੀਂ ਜੰਮੇ | ਬਹੁਤ ਸਾਰੇ ਸੂਰਮੇ ਉਹ ਮਾਵਾਂ ਨੇ ਜੰਮੇ ਹਨ ਜਿਨ੍ਹਾਂ ਨੇ ਗਰੀਬੀ ਅਤੇ ਮੁਸ਼ਕਿਲਾਂ ਵਿਚ ਰਹਿ ਕੇ ਆਪਣੇ ਬੱਚਿਆਂ ਨੂੰ ਪਾਲਿਆ ਅਤੇ ਪੰਜਾਬ ਨੂੰ ਮਹਾਨ ਹੀਰੋ ਦਿੱਤੇ | ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਟਿੱਪਣੀਆਂ ਨਾ ਸਿਰਫ਼ ਮਹਿਲਾਵਾਂ ਦੀ ਤੌਹੀਨ ਹਨ, ਸਗੋਂ ਪੰਜਾਬ ਦੇ ਉਨ੍ਹਾਂ ਸੂਰਮਿਆਂ ਦੀ ਵਿਰਾਸਤ 'ਤੇ ਵੀ ਸਵਾਲ ਖੜੇ ਕਰਦੀਆਂ ਹਨ ਜੋ ਸਾਧਾਰਨ ਪਰਿਵਾਰਾਂ ਵਿਚ ਜੰਮੇ |