25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

'ਆਪ' ਸਰਕਾਰ ਨੇ ਮੈਰਿਟ ਦੇ ਆਧਾਰ 'ਤੇ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 13-03-2026

ਵੱਖ-ਵੱਖ ਵਿਭਾਗਾਂ 'ਚ ਭਰਤੀ ਹੋਏ 818 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਐੱਸ.ਏ.ਐੱਸ.ਨਗਰ, 12 ਮਾਰਚ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ 'ਮਿਸ਼ਨ ਰੁਜ਼ਗਾਰ' ਪਹਿਲਕਦਮੀ ਤਹਿਤ ਅੱਜ ਮੁਹਾਲੀ ਸਥਿਤ ਵਿਕਾਸ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ 'ਚ ਭਰਤੀ ਹੋਏ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਮੀਲ ਪੱਥਰ ਨੂੰ ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਤੇ ਮੈਰਿਟ ਦੇ ਆਧਾਰ 'ਤੇ ਰੁਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ | ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, ਉਨ੍ਹਾਂ 'ਚ ਬਿਜਲੀ ਵਿਭਾਗ 'ਚ 459, ਸਥਾਨਕ ਸਰਕਾਰਾਂ ਵਿਭਾਗ 'ਚ 215, ਸਿਹਤ ਤੇ ਪਰਿਵਾਰ ਭਲਾਈ ਵਿਭਾਗ 'ਚ 129 ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ 'ਚ 15 ਪ੍ਰੋਫੈਸਰ ਤੇ ਸਹਾਇਕ ਪ੍ਰੋਫੈਸਰ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ 'ਚ 'ਆਪ' ਸਰਕਾਰ ਨੇ ਪੰਜਾਬ ਭਰ 'ਚ ਨੌਜਵਾਨਾਂ ਨੂੰ 65,264 ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ 'ਚ ਇਸ ਵੇਲੇ 1,750 ਹੋਰ ਉਮੀਦਵਾਰਾਂ ਦੀ ਭਰਤੀ ਚੱਲ ਰਹੀ ਹੈ ਅਤੇ ਜੂਨ 2026 ਤੱਕ ਇਹ ਭਰਤੀ ਪ੍ਰਕਿਰਿਆ ਵੀ ਪੂਰੀ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਫ਼ਾਰਸ਼ ਦੇ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਰੀਬ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝੇ ਰੱਖਿਆ, ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਨੂੰ ਯਕੀਨੀ ਬਣਾਉਣ ਲਈ 'ਮਿਸ਼ਨ ਰੁਜ਼ਗਾਰ' ਪਹਿਲਕਦਮੀ ਸ਼ੁਰੂ ਕੀਤੀ ਹੈ | ਉਨ੍ਹਾਂ ਵੱਖ-ਵੱਖ ਵਿਭਾਗਾਂ 'ਚ ਨਵ-ਨਿਯੁਕਤ ਨੌਜਵਾਨਾਂ ਨੂੰ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਆਪਣੇ ਫ਼ਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਤੋਂ ਇਹ ਨੌਜਵਾਨ ਸਰਕਾਰ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਇਕੱਠੇ ਮਿਲ ਕੇ ਅਸੀਂ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ | ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ | ਉਨ੍ਹਾਂ ਔਰਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ 'ਤੇ ਵੀ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਲੋਕ-ਕੇਂਦਰਿਤ ਸ਼ਾਸਨ ਮਾਡਲ ਤੋਂ ਅਸਹਿਜ ਮਹਿਸੂਸ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਸੱਤਾ ਲਈ ਕੁਰਸੀ ਦੀ ਖੇਡ ਖੇਡਦੀਆਂ ਸਨ ਅਤੇ ਲੋਕਾਂ ਤੇ ਦੇਸ਼ ਨੂੰ ਲੁੱਟਣ ਲਈ ਇਨ੍ਹਾਂ ਨੇ ਵਾਰੀ ਬੰਨ੍ਹੀ ਹੋਈ ਸੀ | ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ | ਇਸੇ ਦੌਰਾਨ ਨਾਭਾ ਤੋਂ ਆਏ ਜਗਜੀਤ ਸਿੰਘ, ਫ਼ਿਰੋਜ਼ਪੁਰ ਤੋਂ ਆਏ ਤਜਿੰਦਰ ਸਿੰਘ, ਮਲੇਰਕੋਟਲਾ ਤੋਂ ਆਈ ਗੁਰਪ੍ਰੀਤ ਕੌਰ, ਤਲਵਾੜਾ ਤੋਂ ਆਏ ਇਸ਼ਾਨ ਚੌਧਰੀ ਅਤੇ ਪਟਿਆਲਾ ਦੇ ਪਿੰਡ ਭੂਤਗੜ੍ਹ ਤੋਂ ਆਏ ਧਰਮਿੰਦਰ ਸਿੰਘ ਨੇ ਆਪਣੀ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕਰਦਿਆਂ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਉਨ੍ਹਾਂ ਨੂੰ ਨੌਕਰੀ ਦੇਣ ਬਦਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਚੇਚੇ ਤੌਰ 'ਤੇ ਧੰਨਵਾਦ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲਾਂ ਰੈਲੀ ਕਰਨ ਵਾਲੀ ਪੰਜਵੀਂ ਪਾਰਟੀ ਬਣੀ ਭਾਜਪਾ <br/> ਅਗਲੀ ਖ਼ਬਰ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਵਿਰੁੱਧ 23 ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗ...
Ad Position 24