ਅੰਮਿ੍ਤਸਰ, 27 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਿਹਾ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਵਾਲੇ ਇਸ ਬਜਟ ਇਜਲਾਸ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ ਬਜਟ ਪੇਸ਼ ਕਰਨਗੇ | ਇਸ ਦੌਰਾਨ ਪੰਥਕ ਮਾਮਲਿਆਂ, ਖਾਸ ਕਰ ਪਾਵਨ ਸਰੂਪਾਂ ਦੇ ਬੇਅਦਬੀ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਸਰਕਾਰ ਵਲੋਂ ਤਿਆਰ ਕੀਤੇ ਜਾਣ ਵਾਲੇ ਐਕਟ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਪੰਥ ਨੂੰ ਦਰਪੇਸ਼ ਹੋਰ ਮਾਮਲਿਆਂ ਸੰਬੰਧੀ ਵਿਸ਼ੇਸ਼ ਮਤੇ ਵੀ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ | ਇਹ ਵੀ ਚਰਚਾ ਹੈ ਕਿ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਵਲੋਂ ਪਿਛਲੇ ਦਿਨੀਂ ਗੁ: ਅੰਬ ਸਾਹਿਬ ਦੀ ਜ਼ਮੀਨ ਸਸਤੇ ਭਾਅ ਵੇਚਣ ਦੇ ਮਾਮਲੇ ਸਮੇਤ ਹੋਰ ਮਾਮਲਿਆਂ ਵਿਚ ਸ਼ੋ੍ਰਮਣੀ ਕਮੇਟੀ ਨੂੰ ਕਟਹਿਰੇ ਵਿਚ ਖੜੇ ਕਰਨ ਅਤੇ ਸਿੱਖ ਸੰਸਥਾ ਦੀਆਂ ਲੰਬੇ ਸਮੇਂ ਤੋਂ ਲੰਬਿਤ ਪਈਆਂ ਜਨਰਲ ਚੋਣਾਂ ਜਲਦ ਕਰਾਏ ਜਾਣ ਦੀ ਮੰਗ ਸੰਬੰਧੀ ਮਤਾ ਵੀ ਪੇਸ਼ ਕੀਤਾ ਜਾ ਸਕਦਾ ਹੈ |