ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ)-ਪੰਜਾਬ ਸਰਕਾਰ 'ਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ | ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾਅ ਰਹੇ ਹਨ | ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ 'ਤੇ ਖਰੇ੍ਹ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ | ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਕੇਂਦਰ ਨਹੀਂ, ਸਗੋਂ ਸੁਧਾਰ ਦੇ ਕੇਂਦਰ ਬਣਾਉਣ 'ਤੇ ਖਾਸ ਧਿਆਨ ਦਿੱਤਾ ਜਾਵੇਗਾ | ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਵਿਭਾਗ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਅਤੇ ਜੇਲ੍ਹ ਪ੍ਰਣਾਲੀ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ | ਇਸ ਮੌਕੇ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ, ਸਕੱਤਰ ਮੁਹੰਮਦ ਤਈਅਬ ਅਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |