ਅੰਮਿ੍ਤਸਰ, 27 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੱਜ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਿੰਘ ਦੀ ਅਗਵਾਈ ਹੇਠ ਪਾਵਨ ਸਰੂਪਾਂ ਦੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਪਿਛਲੇ ਲੰਬੇ ਸਮੇਂ ਤੋਂ ਲੰਬਿਤ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਤੁਰੰਤ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਡੀ. ਸੀ. ਦਫਤਰ ਦੇ ਬਾਹਰ ਸੰਕੇਤਕ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਅਕਾਲੀ ਆਗੁੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 'ਆਪ' ਸਰਕਾਰ ਸਮੇਤ ਵੱਖ-ਵੱਖ ਸਰਕਾਰਾਂ ਵਲੋਂ ਬੇਅਦਬੀ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਅਜੇ ਤੱਕ ਕਿਸੇ ਵੀ ਸਰਕਾਰ ਵਲੋਂ ਦੋਸ਼ੀਆਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਕਰੜਾ ਕਾਨੂੰਨ ਹੋਣਾ ਚਾਹੀਦੀ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਥਕ ਮੁੱਦਿਆਂ 'ਤੇ ਜਲਦ ਹੀ ਇਕ ਵਿਜ਼ਨ ਦਸਤਾਵੇਜ਼ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਚੰਡੀਗੜ੍ਹ ਵਿਚ ਜਾਰੀ ਕੀਤਾ ਜਾਵੇਗਾ | ਉਨ੍ਹਾਂ ਪਾਰਟੀ ਨਾਲ ਸੰਬੰਧਿਤ ਤੇ ਜਾਗਦੀ ਜ਼ਮੀਰ ਵਾਲੇ ਸਮੂਹ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ ਦੇ ਸ਼ੋ੍ਰਮਣੀ ਕਮੇਟੀ ਦੇ ਬਜਟ ਇਜਲਾਸ ਵਿਚ ਸ਼ੋ੍ਰਮਣੀ ਕਮੇਟੀ ਦੀਆਂ ਜਨਰਲ ਚੋਣਾਂ ਜਲਦ ਕਰਾਏ ਜਾਣ ਦੀ ਮੰਗ ਕਰਦਿਆਂ ਹਾਉੂਸ ਵਿਚ ਮਤਾ ਪਾਸ ਕਰਵਾ ਕੇ ਕੇਂਦਰ ਦੇ ਪੰਜਾਬ ਸਰਕਾਰ ਨੂੰ ਭੇਜਣ ਤਾਂ ਇਹ ਚੋਣਾਂ ਜਲਦ ਹੋਣ | ਇਸ ਤੋਂ ਪਹਿਲਾਂ ਹੋਰ ਅਕਾਲੀ ਆਗੂਆਂ ਨੇ ਵੀ ਰੋਸ ਧਰਨੇ ਨੂੰ ਸੰਬੋਧਨ ਕੀਤਾ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂੁ ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ, ਮਨਿੰਦਰ ਸਿੰਘ ਧੁੰਨਾ, ਦਲਜਿੰਦਰਬੀਰ ਸਿੰਘ ਵਿਰਕ, ਮਧੂਪਾਲ ਸਿੰਘ ਗੋਗਾ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ |