ਪੰਚਕੂਲਾ, 27 ਮਾਰਚ (ਕਪਿਲ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਐਮ. ਸੀ.) ਦੇ ਬਜਟ ਨੂੰ ਲੈ ਕੇ ਪੰਚਕੂਲਾ ਵਿਖੇ ਜੁਡੀਸ਼ੀਅਲ ਕਮਿਸ਼ਨਰ ਵਲੋਂ ਅਹਿਮ ਫ਼ੈਸਲਾ ਸੁਣਾਇਆ ਗਿਆ | ਆਪਣੇ ਹੁਕਮਾਂ 'ਚ ਜੁਡੀਸ਼ੀਅਲ ਕਮਿਸ਼ਨਰ ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਪੇਸ਼ ਕੀਤੇ ਗਏ 104 ਕਰੋੜ ਰੁ. ਦੇ ਬਜਟ ਦੌਰਾਨ ਨਿਯਮਾਂ ਦੀ ਅਣਦੇਖੀ ਕੀਤੇ ਜਾਣ ਕਾਰਨ ਇਸ ਬਜਟ ਨੂੰ ਰੱਦ ਕਰਨ ਦੇ ਹੁਕਮ ਸੁਣਾਏ | ਇਸ ਸੰਬੰਧ 'ਚ ਪੰਚਕੂਲਾ ਦੇ ਸੈਕਟਰ-1 ਸਥਿਤ ਜ਼ਿਲ੍ਹਾ ਸਕੱਤਰੇਤ ਵਿਖੇ ਹੋਈ ਮਾਮਲੇ ਦੀ ਸੁਣਵਾਈ ਦੌਰਾਨ ਜੁਡੀਸ਼ੀਅਲ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਪੁਰਾਣੇ ਬਜਟ ਨੂੰ ਕਲੀਅਰ ਕੀਤਾ ਜਾਵੇ ਅਤੇ ਉਸ ਤੋਂ ਬਾਅਦ ਹੀ ਨਵਾਂ ਬਜਟ ਨਿਯਮਾਂ ਅਨੁਸਾਰ ਪੇਸ਼ ਕੀਤਾ ਜਾਵੇ | ਜੁਡੀਸ਼ੀਅਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕੋਰਮ ਪੂਰਾ ਨਾ ਹੋਣ ਕਾਰਨ ਇਹ ਬਜਟ ਮੰਨਣਯੋਗ ਨਹੀਂ ਹੈ | ਮਾਮਲੇ ਦੀ ਸੁਣਵਾਈ ਉਪਰੰਤ ਹਰਿਆਣਾ ਐਸ. ਜੀ. ਐਮ. ਸੀ. ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜੁਡੀਸ਼ੀਅਲ ਕਮਿਸ਼ਨਰ ਦਾ ਇਹ ਫ਼ੈਸਲਾ ਹਰਿਆਣਾ ਦੀ ਸਿੱਖ ਸੰਗਤ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਕੋਰਮ ਪੂਰਾ ਨਾ ਹੋਣ ਦੇ ਬਾਵਜੂਦ ਬਜਟ ਪਾਸ ਕੀਤਾ ਗਿਆ ਸੀ, ਜਿਸ 'ਤੇ ਅਸੀਂ ਇਤਰਾਜ ਜਤਾਇਆ ਸੀ | ਉਨ੍ਹਾਂ ਇਹ ਵੀ ਕਿਹਾ ਕਿ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਪਹਿਲਾਂ ਪੁਰਾਣੇ ਬਜਟ ਨੂੰ ਕਲੀਅਰ ਕਰਨ ਤੋਂ ਬਾਅਦ ਹੀ ਨਵਾਂ ਬਜਟ ਪੇਸ਼ ਕੀਤਾ ਜਾਵੇ | ਇਸ ਤੋਂ ਇਲਾਵਾ ਹਰਿਆਣਾ ਐਸ. ਜੀ. ਐਮ. ਸੀ. ਦੇ ਚੀਫ਼ ਸਕੱਤਰ ਤੇ ਪ੍ਰਧਾਨ ਨੂੰ ਬਜਟ ਸੰਬੰਧੀ ਸਾਰੇ ਨਿਯਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ | ਜ਼ਿਰਕਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਤੇ ਵਿੱਤੀ ਬੇਤਰਤੀਬੀਆਂ ਨੂੰ ਲੈ ਕੇ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਗੁਰਮੀਤ ਸਿੰਘ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਨਿਆਂਇਕ ਕਮਿਸ਼ਨ 'ਚ ਅਰਜ਼ੀ ਦਾਇਰ ਕੀਤੀ ਗਈ ਸੀ |