ਚੰਡੀਗੜ੍ਹ, 2 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਦੇ ਸੂਬਾਈ ਦਫ਼ਤਰ 'ਤੇ ਹੈਾਡ ਗ੍ਰੇਨੇਡ ਹਮਲੇ ਤੋਂ ਬਾਅਦ ਸੂਬੇ ਵਿਚ ਕਾਨੂੰਨ-ਵਿਵਸਥਾ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ | ਵਿਰੋਧੀ ਧਿਰ ਨੇ ਇਸ ਮਾਮਲੇ 'ਚ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦੇ ਹੋਏ ਜਵਾਬਦੇਹੀ ਦੀ ਮੰਗ ਕੀਤੀ ਹੈ | ਭਾਜਪਾ ਨੇ ਇਸ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਸਖ਼ਤ ਰਵੱਈਆ ਅਪਣਾਇਆ ਹੈ ਅਤੇ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਗੈਰ-ਜ਼ਿੰਮੇਵਾਰਾਨਾ ਕਰਾਰ ਦਿੱਤਾ ਹੈ | ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਹਮਲੇ ਵਾਲੀ ਜਗ੍ਹਾ ਦਾ ਜਾਇਜ਼ਾ ਲੈਣ ਮਗਰੋਂ ਪ੍ਰੈੱਸ-ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਵਲੋਂ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮਾਮਲੇ 'ਚ ਕੀਤੀਆਂ ਟਿੱਪਣੀਆਂ ਨਾ ਸਿਰਫ਼ ਮੰਦਭਾਗੀਆਂ ਹਨ, ਸਗੋਂ ਉਨ੍ਹਾਂ ਦੇ ਅਹੁਦੇ ਦੀ ਗੰਭੀਰਤਾ ਨਾਲ ਵੀ ਮੇਲ ਨਹੀਂ ਖਾਂਦੀਆਂ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਵਧ ਰਹੀਆਂ ਅਪਰਾਧਿਕ ਤੇ ਅੱਤਵਾਦੀ ਘਟਨਾਵਾਂ ਦੇ ਮੱਦੇਨਜ਼ਰ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਸਨ, ਪਰ ਇਸ ਦੀ ਬਜਾਏ ਮੁੱਖ ਮੰਤਰੀ ਵਲੋਂ ਕੀਤੀਆਂ ਹਲਕੀਆਂ ਟਿੱਪਣੀਆਂ ਸਥਿਤੀ ਨੂੰ ਹੋਰ ਵੀ ਚਿੰਤਾਜਨਕ ਬਣਾਉਂਦੀਆਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਾਨੂੰਨ-ਵਿਵਸਥਾ ਦੇ ਮਾਮਲੇ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ |
ਚੰਡੀਗੜ੍ਹ 'ਚ ਭਾਜਪਾ ਦਫ਼ਤਰ 'ਤੇ ਹੋਏ ਗ੍ਰੇਨੇਡ ਹਮਲੇ 'ਤੇ ਮੁੱਖ ਮੰਤਰੀ ਦੀਆਂ ਟਿੱਪਣੀਆਂ ਗੈਰ ਜ਼ਿੰਮੇਵਾਰਾਨਾ-ਅਸ਼ਵਨੀ ਸ਼ਰਮਾ
ਅਜੀਤ ਡੈਸਕ
03-04-2026