ਚੰਡੀਗੜ੍ਹ, 2 ਅਪ੍ਰੈਲ (ਅਜੀਤ ਬਿਊਰੋ)-ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ | ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫ਼ੀਸ (ਐਨ.ਸੀ.ਐਫ) 'ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ | ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿਚ 500 ਕਰੋੜ ਰੁਪਏ ਸੀ | ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂਦਾ ਹੈ | ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਨਗਰ ਨਿਗਮਾਂ ਅਤੇ ਕੌਂਸਲਾਂ ਵਿਚ 1,300 ਕਰੋੜ ਰੁਪਏ ਦੀ ਲਾਗਤ ਨਾਲ 2,120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਮਈ 2026 ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ | ਪ੍ਰਵਾਨਗੀਆਂ ਵਿਚ ਹੋਰ ਤੇਜ਼ੀ ਲਿਆਉਣ ਲਈ, ਜ਼ਿਲ੍ਹਾ ਅਤੇ ਮੁੱਖ ਦਫ਼ਤਰ ਪੱਧਰ 'ਤੇ ਇੱਕ ਸਿੰਗਲ-ਵਿੰਡੋ ਕਮੇਟੀ ਸਿਸਟਮ ਸ਼ੁਰੂ ਕੀਤਾ ਗਿਆ ਹੈ | ਇਸ ਸਿਸਟਮ ਤਹਿਤ ਸਾਰੇ ਸਬੰਧਤ ਅਧਿਕਾਰੀ ਇੱਕੋ ਵਾਰ ਪ੍ਰਵਾਨਗੀਆਂ ਦੇ ਸਕਣਗੇ, ਜਿਸ ਨਾਲ ਸਮੇਂ ਦੀ ਬੱਚਤ ਹੋਵੇਗੀ | ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਮਜ਼ਬੂਤ ਕਰਦਿਆਂ ਸਰਕਾਰ ਵਲੋਂ 131 ਕਰੋੜ ਰੁਪਏ ਦੇ ਨਿਵੇਸ਼ ਨਾਲ ਫਾਇਰ ਸਰਵਿਸਿਜ਼ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ, ਜਿਸ ਵਿਚ ਉੱਨਤ ਫਾਇਰ ਟੈਂਡਰਾਂ ਦੀ ਖ਼ਰੀਦ ਅਤੇ ਸੂਬੇ ਭਰ ਵਿਚ 13 ਨਵੇਂ ਫਾਇਰ ਸਟੇਸ਼ਨਾਂ ਦੀ ਸਥਾਪਨਾ ਸ਼ਾਮਿਲ ਹੈ | ਜਲ ਪ੍ਰਬੰਧਨ 'ਤੇ, ਵਿੱਤੀ ਸਾਲ 2025-26 ਵਿਚ ਸਤਹੀ ਜਲ ਪ੍ਰਾਜੈਕਟਾਂ ਲਈ 700 ਕਰੋੜ ਰੁਪਏ ਦੇ ਕੰਮ ਅਲਾਟ ਕੀਤੇ ਗਏ ਸਨ, ਜਿਸਦਾ ਉਦੇਸ਼ ਭੂਮੀਗਤ ਪਾਣੀ ਦੀ ਸੰਭਾਲ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਸੀ |
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ ਦੇ ਸੜਕੀ ਕੰਮਾਂ ਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਲਿਆਂਦੀ ਤੇਜ਼ੀ
ਅਜੀਤ ਡੈਸਕ
03-04-2026