ਚੰਡੀਗੜ੍ਹ, 2 ਅਪ੍ਰੈਲ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ 'ਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹੂਲਤਾਂ ਦਾ ਭਰੋਸਾ ਦਿੱਤਾ ਹੈ | ਪਾਰਟੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿੱਚ ਖੇਤੀਬਾੜੀ ਖੇਤਰ ਵਿਚ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਅਤੇ ਮੌਜੂਦਾ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ 'ਤੇ ਚਾਨਣਾ ਪਾਇਆ | ਅੱਜ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਵਿੰਗ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਨੇ ਕਿਸਾਨਾਂ ਲਈ ਜੋ ਕੀਤਾ ਹੈ, ਉਹ ਇਤਿਹਾਸਕ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਬਿਨਾਂ ਕਿਸੇ ਜਾਤ ਜਾਂ ਧਰਮ ਦੇ ਵਿਤਕਰੇ ਦੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਜਿਸ ਦਾ ਲਾਭ ਕਿਸਾਨ ਪਰਿਵਾਰਾਂ ਨੂੰ ਵੀ ਮਿਲ ਰਿਹਾ ਹੈ | ਸਿੱਧੂ ਨੇ ਦੱਸਿਆ ਕਿ ਪੰਜਾਬ ਦੀਆਂ 1896 ਦਾਣਾ ਮੰਡੀਆਂ ਅਤੇ ਖ਼ਰੀਦ ਕੇਂਦਰਾਂ 'ਤੇ ਕਿਸਾਨ ਵਿੰਗ ਦੀ ਵਿਸ਼ੇਸ਼ ਜ਼ਿੰਮੇਵਾਰੀ ਲਗਾਈ ਗਈ ਹੈ | ਕਿਸਾਨ ਵਿੰਗ ਦੇ ਅਹੁਦੇਦਾਰ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਲ ਨਾ ਆਵੇ | ਕਿਸਾਨ ਵਿੰਗ ਦੇ ਜਨਰਲ ਸਕੱਤਰ ਸਤਬੀਰ ਸਿੰਘ ਬਖਸ਼ੀਵਾਲਾ ਨੇ ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਮੰਡੀਆਂ ਵਿਚ ਤਿੰਨ-ਚਾਰ ਰਾਤਾਂ ਗੁਜ਼ਾਰਨੀਆਂ ਪੈਂਦੀਆਂ ਸਨ, ਪਰ ਮਾਨ ਸਰਕਾਰ ਵਿਚ ਫ਼ਸਲ ਦੀ ਲਿਫਟਿੰਗ ਇੰਨੀ ਤੇਜ਼ ਹੈ ਕਿ ਕਿਸਾਨ ਨੂੰ ਸ਼ਾਇਦ ਹੀ ਇਕ ਰਾਤ ਰੁਕਣਾ ਪਵੇ | ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਸਰਕਾਰੀ ਖ਼ਰੀਦ ਅਧਿਕਾਰਤ ਤੌਰ 'ਤੇ ਸ਼ੁਰੂ ਹੋ ਗਈ ਹੈ | ਮੌਸਮ ਦੀ ਖ਼ਰਾਬੀ ਕਾਰਨ ਕੁੱਝ ਦੇਰੀ ਜ਼ਰੂਰ ਹੋਈ ਹੈ, ਪਰ ਆਉਣ ਵਾਲੇ ਕੱੁਝ ਦਿਨਾਂ ਵਿਚ ਖ਼ਰੀਦ ਅਤੇ ਆਮਦ ਵਿਚ ਤੇਜ਼ੀ ਆਵੇਗੀ |
ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਨਹੀਂ ਹੋਵੇਗੀ ਪ੍ਰੇਸ਼ਾਨੀ-ਮਹਿੰਦਰ ਸਿੰਘ ਸਿੱਧੂ
ਅਜੀਤ ਡੈਸਕ
03-04-2026