ਅੰਮਿ੍ਤਸਰ, 2 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਸੰਨ੍ਹ 2020 ਵਿਚ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਿੱਖ ਪੰਥ ਦੀਆਂ 11 ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕਰਨ ਦੇ ਛੇ ਸਾਲ ਬੀਤ ਜਾਣ ਬਾਅਦ ਵੀ ਉਕਤ ਐਲਾਨ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ | ਜ਼ਿਕਰਯੋਗ ਹੈ ਕਿ ਅਗਸਤ 2020 ਵਿਚ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਗੁਰਪੁਰਵਾਸੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਨੂੰ 'ਪੰਥ ਰਤਨ' ਤੇ ਦਸ ਹੋਰ ਸਿੱਖ ਸ਼ਖ਼ਸੀਅਤਾਂ ਨੂੰ ਵੱਖ-ਵੱਖ ਪੰਥਕ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਚਾਰ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਪਹਿਲਾਂ ਹੀ ਅਕਾਲ ਚਲਾਣਾ ਕਰ ਚੁੱਕੀਆਂ ਸਨ | ਦਲ ਖਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਆਸ ਪ੍ਰਗਟਾਈ ਕਿ ਐਲਾਨ ਨੂੰ ਮੌਜੂਦਾ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ |