ਸਮਰਾਲਾ (ਖੰਨਾ), 3 ਅਪ੍ਰੈਲ (ਗੋਪਾਲ ਸੋਫਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ 'ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੇ ਪੱਤਰ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਲਈ ਕਿਹਾ ਗਿਆ ਹੈ | ਜਥੇਦਾਰ ਗੜਗੱਜ ਬੀਤੀ ਰਾਤ ਅਨਾਜ ਮੰਡੀ ਸਮਰਾਲਾ ਵਿਖੇ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਕਰਵਾਏ ਗਏ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼ ਹਨ ਕਿਉਂਕਿ ਉਨ੍ਹਾਂ ਨੂੰ ਜੇਲ ਵਿਚ ਅਜਿਹੀ ਕਾਲ ਕੋਠੜੀ ਵਿਚ ਬੰਦ ਕੀਤਾ ਗਿਆ ਹੈ, ਜਿਥੇ ਬੰਦਾ ਸਹੀ ਢੰਗ ਨਾਲ ਬੈਠ ਵੀ ਨਹੀਂ ਸਕਦਾ | ਉਨ੍ਹਾਂ ਕਿਹਾ ਕਿ ਉਹ ਜੇਲ ਵਿਚ ਅਜਿਹੀ ਸਜ਼ਾ ਪਿਛਲੇ ਕਈ ਸਾਲਾਂ ਤੋਂ ਭੁਗਤ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਗੱਲ ਚੱਲੀ ਸੀ | ਉਨ੍ਹਾਂ ਕਿਹਾ ਕਿ ਅੱਜ 7 ਸਾਲ ਹੋ ਗਏ, ਪਰ ਵਾਅਦੇ ਵਫ਼ਾ ਨਾ ਹੋਏ | ਉਨ੍ਹਾਂ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਜੋ ਕਿਹਾ ਉਹ ਬਿਲਕੁਲ ਜਾਇਜ਼ ਹੈ, ਜਿਸ ਉੱਪਰ ਉਹ ਗ਼ੌਰ ਕਰਨਗੇ | ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਸਿੱਖੀ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਜਿਸ ਲਈ ਉਹ ਧਾਰਮਿਕ ਸਮਾਗਮਾਂ ਦੀ ਉਹ ਸ਼ਲਾਘਾ ਕਰਦੇ ਹਨ | ਇਸ ਮੌਕੇ ਸਮਰਾਲਾ ਵਿਖੇ ਧਾਰਮਿਕ ਦੀਵਾਨ ਕਰਵਾਉਣ ਵਾਲੀ ਪ੍ਰਬੰਧਕ ਕਮੇਟੀ ਅਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਵਿਸ਼ੇਸ਼ ਤੌਰ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਸਨਮਾਨਿਤ ਵੀ ਕੀਤਾ ਗਿਆ | ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਸਮਰਾਲਾ ਪਹੁੰਚਣ 'ਤੇ ਜਥੇਦਾਰ ਗੜਗੱਜ ਦਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ ਵੀ ਮੌਜੂਦ ਸਨ |