ਅੰਮਿ੍ਤਸਰ, 5 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵਲੋਂ ਬਣਾਏ ਜਾ ਰਹੇ ਕਾਨੂੰਨ ਸੰਬੰਧੀ ਵਿਚਾਰ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ | ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਆਰੰਭ ਹੋਵੇਗੀ | ਇਸ ਸੰਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜਰੂਰੀ ਹੈ | ਉਨ੍ਹਾਂ ਕਿਹਾ ਕਿ ਇਸੇ ਮਨਸ਼ਾ ਨਾਲ ਸ਼੍ਰੋਮਣੀ ਕਮੇਟੀ ਵਲੋਂ ਪੰਥਕ ਬੈਠਕ ਰੱਖੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਸਮੇਤ ਪ੍ਰਮੁੱਖ ਸਿੱਖ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜੇ ਜਾ ਚੁੱਕੇ ਹਨ |
ਬੇਅਦਬੀਆਂ ਸੰਬੰਧੀ ਕਾਨੂੰਨ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਅੱਜ <br/>
ਅਜੀਤ ਡੈਸਕ
06-04-2026