ਚੰਡੀਗੜ੍ਹ, 6 ਅਪ੍ਰੈਲ (ਮਾਰਕੰਡਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ 8 ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ ਵਿਚ ਪੇਸ਼ ਹੋਣਾ ਸੀ, ਜੋ ਪੇਸ਼ ਨਹੀਂ ਹੋਏ | ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਵਕੀਲ ਰਾਜੇਸ਼ ਰਾਏ ਨੇ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ | ਅਰਜ਼ੀ ਵਿਚ ਲਿਖਿਆ ਸੀ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਇਕ ਵੱਡੀ ਰਾਜਨੀਤਿਕ ਰੈਲੀ ਬਠਿੰਡਾ ਦੇ ਮਲੋਟ ਰੋਡ 'ਤੇ ਕਰਵਾਈ ਜਾ ਰਹੀ ਹੈ, ਜਿੱਥੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਬਹੁਤ ਜ਼ਰੂਰੀ ਹੈ | ਇਸ ਤੋਂ ਬਾਅਦ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ 15 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦੇ ਦਿੱਤਾ | ਅਖੰਡ ਕੀਰਤਨੀ ਜਥੇ ਦੇ ਬੁਲਾਰੇ ਅਤੇ ਮੋਹਾਲੀ ਦੇ ਵਸਨੀਕ ਰਜਿੰਦਰ ਪਾਲ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਸੁਖਬੀਰ ਸਿੰਘ ਬਾਦਲ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ |
ਚੰਡੀਗੜ੍ਹ ਅਦਾਲਤ 'ਚ ਸੁਖਬੀਰ ਵਲੋਂ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ
ਅਜੀਤ ਡੈਸਕ
07-04-2026