ਚੰਡੀਗੜ੍ਹ, 7 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਹੋਰਨਾਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਮਾਮਲੇ ਸੰਬੰਧੀ ਕਾਨੂੰਨ ਬਣਾਉਣ ਨੂੰ ਲੈ ਕੇ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਸੱਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਸਰਕਾਰ ਅਤੇ ਸ਼ੋ੍ਰਮਣੀ ਕਮੇਟੀ ਆਹਮੋ-ਸਾਹਮਣੇ ਹਨ | ਇਸ ਸੰਬੰਧ 'ਚ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਗਠਿਤ ਸਬ-ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਕਮੇਟੀ ਦੇ ਉਪ ਦਫ਼ਤਰ ਵਿਖੇ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾ-ਮੁਕਤ ਜਸਟਿਸ ਮਹਿੰਦਰ ਮੋਹਨ ਸਿੰਘ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੇ ਪ੍ਰਤੀਨਿਧ ਬੁਲਾਰਿਆਂ ਵਲੋਂ ਜਾਰੀ ਕੀਤੇ ਗਏ ਵੱਖ-ਵੱਖ ਬਿਆਨਾਂ ਮੁਤਾਬਿਕ ਆਗਾਮੀ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ ਤਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਨਾਲ ਸੰਬੰਧਿਤ ਵਾਪਰ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਕਾਨੂੰਨ 'ਚ ਸੋਧ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ-2025 ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਸੁਝਾਅ ਮੰਗੇ ਗਏ ਸਨ, ਪ੍ਰੰਤੂ ਸਰਕਾਰ ਅਤੇ ਵਿਧਾਨ ਸਭਾ ਵਲੋਂ 3 ਸਤੰਬਰ 2025 ਤੋਂ ਸ਼੍ਰੋਮਣੀ ਕਮੇਟੀ ਵਲੋਂ ਵਾਰ-ਵਾਰ ਪੱਤਰ ਲਿਖਣ ਦੇ ਬਾਵਜੂਦ ਨਾ ਲੋੜੀਂਦੀ ਕਾਰਵਾਈ ਭੇਜੀ ਗਈ ਅਤੇ ਨਾ ਹੀ ਕੋਈ ਰਾਬਤਾ ਕਾਇਮ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹੁਣ ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ 2008 'ਚ ਸੋਧਾਂ ਕਰਨ ਸੰਬੰਧੀ ਅਨਿਸ਼ਚਿਤਤਾ ਅਤੇ ਦੁਵਿਧਾ ਬਣੀ ਹੋਈ ਹੈ, ਜਿਸ ਨਾਲ ਸਿੱਖ ਪੰਥ 'ਚ ਸਰਕਾਰ ਦੀ ਮਨਸ਼ਾ ਪ੍ਰਤੀ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਹੋ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਸੋਧ ਸੰਬੰਧੀ ਕੋਈ ਖਰੜਾ ਜਾਂ ਜਾਣਕਾਰੀ ਨਹੀਂ ਭੇਜੀ ਗਈ, ਜਿਸ ਕਰਕੇ ਅੱਜ ਸ਼੍ਰੋਮਣੀ ਕਮੇਟੀ ਵਲੋਂ ਨਾਮਜ਼ਦ ਸਬ-ਕਮੇਟੀ ਦੀ ਅੱਜ ਮੀਟਿੰਗ ਸੱਦ ਕੇ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਇਸ ਸੰਬੰਧੀ ਤੁਰੰਤ ਪ੍ਰਸਤਾਵਿਤ ਖਰੜਾ ਜਾਂ ਸੋਧ ਸੰਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੂੰ ਭੇਜੀ ਜਾਵੇ ਅਤੇ ਇਸ ਬਾਰੇ ਸਿੱਖ ਸੰਗਤਾਂ ਨਾਲ ਵੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਸੰਬੰਧੀ ਢੁਕਵੇਂ ਸੁਝਾਅ ਦਿੱਤੇ ਜਾ ਸਕਣ | ਇਸ ਤੋਂ ਪਹਿਲਾਂ ਹੋਈ ਮੀਟਿੰਗ 'ਚ ਸੇਵਾ-ਮੁਕਤ ਜਸਟਿਸ ਮਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਡਾ. ਕੇਹਰ ਸਿੰਘ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ. ਪਰਮਵੀਰ ਸਿੰਘ ਮੈਂਬਰ ਸਿੱਖ ਇਤਿਹਾਸ ਰਿਸਰਚ ਬੋਰਡ, ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਐਡਵੋਕੇਟ ਅਮਨਬੀਰ ਸਿੰਘ ਸਿਆਲੀ ਕਾਨੂੰਨੀ ਸਲਾਹਕਾਰ, ਐਡਵੋਕੇਟ ਬਲਤੇਜ ਸਿੰਘ ਢਿੱਲੋਂ ਸੇਵਾ-ਮੁਕਤ ਜ਼ਿਲ੍ਹਾ ਅਟਾਰਨੀ, ਬੀਬੀ ਪ੍ਰਭਜੋਤ ਕੌਰ ਮੈਂਬਰ ਸਿੱਖ ਇਤਿਹਾਸ ਰਿਸਰਚ ਬੋਰਡ, ਐਡਵੋਕੇਟ ਬਰਜਿੰਦਰ ਸਿੰਘ ਸੋਢੀ ਅਤੇ ਲਖਵੀਰ ਸਿੰਘ ਮੀਤ ਸਕੱਤਰ (ਕੋਆਰਡੀਨੇਟਰ) ਆਦਿ ਵੀ ਹਾਜ਼ਰ ਸਨ |
ਚੰਡੀਗੜ੍ਹ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਗਠਿਤ ਸਬ-ਕਮੇਟੀ ਦੀ ਅਹਿਮ ਮੀਟਿੰਗ
ਅਜੀਤ ਡੈਸਕ
08-04-2026