ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ 'ਤੇ ਤਿਆਰ ਕੀਤੇ ਜਾਣ | ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ ਕਿਸਾਨਾਂ ਦੀ ਸਹੂਲਤ ਅਨੁਸਾਰ ਫ਼ਲਦਾਰ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾਵੇ | ਇਸ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਤੇ ਡਾਇਰੈਕਟਰ ਮਨੀਸ਼ ਕੁਮਾਰ ਵਲੋਂ ਵਿਭਾਗ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਉੱਨਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਵਿਭਾਗ ਵਿਚ ਨਵੀਂ ਭਰਤੀ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਵੀ ਵਿਸੇਸ਼ ਚਰਚਾ ਕੀਤੀ ਗਈ | ਇਸ ਮੌਕੇ ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ, ਜੀਕਾ, ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦੇ ਮਨਜੂਰ ਪ੍ਰਾਜੈਕਟਾਂ ਦੀ ਪੈਰਵਾਈ ਕੀਤੀ ਜਾਵੇ | ਉਨ੍ਹਾ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਮਕਸਦ ਪੰਜਾਬ ਵਿਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ | ਇਸ ਮੌਕੇ ਮੰਤਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਗ਼ਬਾਨੀ ਵਿਭਾਗ ਅਧੀਨ ਪ੍ਰਗਤੀ ਅਧੀਨ ਸਾਰੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕੀਤਾ ਜਾਵੇ |
ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ
ਅਜੀਤ ਡੈਸਕ
08-04-2026