ਜਲੰਧਰ, 8 ਅਪ੍ਰੈਲ (ਜਸਪਾਲ ਸਿੰਘ)-ਦਿਹਾਤੀ ਮਜ਼ਦੂਰ ਸਭਾ ਵੱਲੋਂ ਸਥਾਨਕ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਸੂਬੇ ਦੇ ਬੇਜ਼ਮੀਨੇ-ਸਾਧਨਹੀਣ ਪੇਂਡੂ ਮਜ਼ਦੂਰਾਂ ਤੇ ਗਰੀਬਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਵਿਸ਼ਾਲ ਸੂਬਾ ਪੱਧਰੀ ਰੈਲੀ ਕਰਵਾਈ ਗਈ, ਜਿਸ ਵਿਚ ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ 'ਚ ਮਜ਼ਦੂਰ ਮਰਦ ਤੇ ਔਰਤਾਂ ਲਾਲ ਝੰਡੀਆਂ ਲੈ ਕੇ ਸ਼ਾਮਿਲ ਹੋਏ | ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਇਸ ਰੈਲੀ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ ਨੇ ਕੀਤੀ ¢ ਇਸ ਮੌਕੇ ਰੈਲੀ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ, ਸੀਨੀਅਰ ਮੀਤ ਪ੍ਰਧਾਨ ਚਮਨ ਲਾਲ ਦਰਜਾਕੇ, ਪ੍ਰੈੱਸ ਸਕੱਤਰ ਬਲਦੇਵ ਸਿੰਘ ਨੂਰਪੁਰੀ ਅਤੇ ਮਨਰੇਗਾ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਕਨਵੀਨਰ ਦੀਪਕ ਠਾਕੁਰ ਨੇ ਪੇਂਡੂ ਕਿਰਤੀਆਂ ਨੂੰ ਰੁਜ਼ਗਾਰ ਤੋਂ ਵਾਂਝੇ ਕਰਦਾ ਵੀ.ਬੀ. ਜੀ.ਰਾਮ.ਜੀ. ਕਾਨੂੰਨ ਰੱਦ ਕਰਕੇ ਮਨਰੇਗਾ ਕਾਨੂੰਨ ਬਹਾਲ ਕਰਨ ਅਤੇ 700 ਰੁਪਏ ਦਿਹਾੜੀ ਤਹਿਤ ਸਾਰੇ ਪਰਿਵਾਰ ਨੂੰ ਸਾਰਾ ਸਾਲ ਕੰਮ ਦਿੱਤੇ ਜਾਣ ਸੰਬੰਧੀ ਜ਼ੋਰਦਾਰ ਆਵਾਜ਼ ਉਠਾਈ ਤੇ ਹੋਰ ਮੰਗਾਂ ਰੱਖੀਆਂ | ਜਮਹੂਰੀ ਲਹਿਰ ਦੇ ਕੌਮੀ ਆਗੂ ਸਾਥੀ ਮੰਗਤ ਰਾਮ ਪਾਸਲਾ ਨੇ ਕੇਂਦਰ ਸਰਕਾਰ ਦੀਆਂ ਫਿਰਕੂ ਤੇ ਫਾਸ਼ੀਵਾਦੀ ਨੀਤੀਆਂ ਦੀ ਵੀ ਸਖਤ ਆਲੋਚਨਾ ਕੀਤੀ | ਇਸ ਮੌਕੇ ਅਮਰੀਕ ਸਿੰਘ ਦਾਊਦ, ਪਰਮਜੀਤ ਰੰਧਾਵਾ, ਪ੍ਰਕਾਸ਼ ਸਿੰਘ ਨੰਦਗੜ੍ਹ, ਗੁਰਨਾਮ ਸਿੰਘ ਭਿੰਡਰ, ਜਗਜੀਤ ਸਿੰਘ ਜੱਸੇਆਣਾ ਤੇ ਹੋਰ ਆਗੂ ਵੀ ਮੌਜੂਦ ਸਨ | ਮੰਚ ਦਾ ਸੰਚਾਲਨ ਸੂਬਾ ਵਿੱਤ ਸਕੱਤਰ ਸਾਥੀ ਸ਼ਮਸ਼ੇਰ ਸਿੰਘ ਬਟਾਲਾ ਸਿੰਘ ਨੇ ਕੀਤਾ ¢