ਚੰਡੀਗੜ, 9 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ 'ਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿਚ ਆਲਮੀ ਪੱਧਰ ਦੀ ਉਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ | ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦੀ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ | ਇਸ ਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿਚ ਪਹਿਲੇ ਸਥਾਨ 'ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅਤੇ ਜਾਂਚੇ-ਪਰਖੇ ਸਿੱਖਿਆ ਅਭਿਆਸਾਂ ਨੂੰ ਵਰਤ ਕੇ ਉਸਾਰੂ ਨਤੀਜਿਆਂ ਵੱਲ ਵਧ ਰਿਹਾ ਹੈ | ਉਨਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਫੰਡ ਫਾਈਲਾਂ ਵਿਚ ਅਟਕੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਣ | 'ਪਰਖ' ਰਾਸ਼ਟਰੀ ਸਰਵੇਖਣ 2024 ਵਿਚ ਪੰਜਾਬ ਦੇ ਸਿਖਰਲੇ ਸਥਾਨ ਦਾ ਹਵਾਲਾ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ 2026-27 ਦੇ ਹਿੱਸੇ ਵਜੋਂ ਹਾਜ਼ਰੀ ਟਰੈਕਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਹੈ | ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਉਨਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ, ਹਰ ਗੈਰ-ਹਾਜ਼ਰੀ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ, ਜਿਸ ਦਾ ਉਦੇਸ਼ ਨਿਯਮਤ ਹਾਜ਼ਰੀ, ਸਿੱਖਣ ਦੀ ਰੁਚੀ ਅਤੇ ਵੱਖ-ਵੱਖ ਗਤੀਵਿਧੀਆਂ ਵਿਚ ਬੱਚੇ ਦੀ ਸ਼ਮੂਲੀਅਤ ਨੂੰ ਵਧਾਉਣਾ ਹੈ | ਅਕਾਦਮਿਕ ਸੁਧਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਸਮੇਂ ਸਿਰ ਪਾਠ-ਪੁਸਤਕਾਂ ਪਹੁੰਚਦੀਆਂ ਹਨ | ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਕੰਪੈਂਡੀਅਮ ਵੀ ਜਾਰੀ ਕੀਤਾ, ਜਿਸ ਵਿਚ ਪੰਜਾਬ ਦੇ ਅਧਿਆਪਕਾਂ ਵੱਲੋਂ ਵਿਕਸਤ ਕੀਤੇ ਗਏ 38 ਜਾਂਚੇ-ਪਰਖੇ ਕਲਾਸਰੂਮ ਅਭਿਆਸਾਂ ਨੂੰ ਦਸਤਾਵੇਜ਼ੀ ਰੂਪ ਦਿੱਤਾ ਗਿਆ ਹੈ ਤਾਂ ਜੋ ਇਸ ਨੂੰ ਸਰਕਾਰੀ ਸਕੂਲਾਂ ਤੱਕ ਪਹੁੰਚਾ ਕੇ ਸਿੱਖਣ ਦੇ ਨਤੀਜਿਆਂ ਵਿਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਪੜਾਈ ਵਿਚ ਕਮਜ਼ੋਰ ਵਿਦਿਆਰਥੀਆਂ ਨੂੰ ਵਾਧੂ ਸਹਾਇਤਾ ਦੇ ਕੇ ਉਨਾਂ ਨੂੰ ਮੂਹਰਲੀ ਕਤਾਰ 'ਚ ਲਿਆਂਦਾ ਜਾ ਸਕੇ | ਮੰਤਰੀ ਬੈਂਸ ਨੇ ਕਿਹਾ ਕਿ ਮਿਸ਼ਨ ਸਮਰੱਥ ਪਹਿਲਾਂ ਹੀ ਭਾਰਤ ਦੇ ਸਭ ਤੋਂ ਵੱਡੇ ਬੁਨਿਆਦੀ ਸਿਖਲਾਈ ਪ੍ਰੋਗਰਾਮਾਂ ਵਿਚੋਂ ਇਕ ਬਣ ਗਿਆ ਹੈ, ਜੋ ਲਗਭਗ 12 ਲੱਖ ਵਿਦਿਆਰਥੀਆਂ ਨੂੰ ਕਵਰ ਕਰਦਾ ਹੈ ਅਤੇ ਇਸ ਵਿਚ ਸਾਲਾਨਾ 70,000 ਤੋਂ ਵੱਧ ਅਧਿਆਪਕਾਂ ਦੀ ਸ਼ਮੂਲੀਅਤ ਹੁੰਦੀ ਹੈ | ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ | ਪਰਖ 2024 ਵਿਚ ਅੱਵਲ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ | ਮਿਸ਼ਨ ਸਮਰੱਥ 4.0 ਦੇ ਨਾਲ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰ ਬੱਚਾ ਹਰ ਰੋਜ਼ ਸਕੂਲ ਜਾਵੇ ਅਤੇ ਪੂਰੀ ਲਗਨ ਨਾਲ ਕੁਝ ਸਿੱਖ ਕੇ ਆਵੇ | ਇਹ ਆਲਮੀ ਉਤਮਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ |