ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਖ਼ਾਲਸਾ ਸਾਜਨਾ ਦਿਵਸ, ਵਿਸਾਖੀ ਪੁਰਬ ਗੁ: ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਵੇਰੇ 8 ਵਜੇ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋਵੇਗਾ | ਇਸ ਵਾਰ ਜਥੇ ਦੀ ਅਗਵਾਈ ਸ਼ੋ੍ਰਮਣੀ ਕਮੇਟੀ ਦੇ ਅੰਤਿੰ੍ਰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਕਰ ਰਹੇ ਹਨ | ਐਤਕੀਂ ਪਹਿਲੀ ਵਾਰ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ-ਜਾਣ ਸਮੇਂ ਅਟਾਰੀ ਸਰਹੱਦ 'ਤੇ 200 ਰੁਪਏ 'ਐਂਟਰੀ ਫੀਸ' ਦੇਣੀ ਪਵੇਗੀ | ਇਸ ਵਾਰ ਨਵੀਂ ਦਿੱਲੀ ਸਥਿਤ ਪਾਕਿਸਤਾਨੀ ਦੂਤਘਰ ਵਲੋਂ ਸ਼ੋ੍ਰਮਣੀ ਕਮੇਟੀ ਨੂੰ ਜਾਰੀ ਕੀਤੇ 1763 ਵੀਜ਼ਿਆਂ ਸਮੇਤ ਦਿੱਲੀ ਕਮੇਟੀ ਤੇ ਹਰਿਆਣਾ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਨੂੰ ਕਰੀਬ 2830 ਵੀਜ਼ੇ ਜਾਰੀ ਕੀਤੇ ਗਏ ਹਨ | ਅੱਜ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਬਲਵਿੰਦਰ ਸਿਘ ਕਾਹਲਵਾਂ ਵਲੋਂ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ | ਉਨ੍ਹਾਂ ਪਾਕਿਸਤਾਨ ਅਤੇ ਭਾਰਤ ਦੀਆਂ ਸਰਕਾਰਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ | ਸਕੱਤਰ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਕੱਲ੍ਹ ਸਵੇਰੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ | ਇਸ ਮੌਕੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੈਂਟ ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਜੱਗਾ ਆਦਿ ਵੀ ਹਾਜ਼ਰ ਸਨ |