ਚੰਡੀਗੜ੍ਹ, 10 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)ਕੁਦਰਤੀ ਆਫ਼ਤਾਂ ਨਾਲ ਜੂਝ ਰਹੇ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ ਸਰਕਾਰ ਨੂੰ ਫ਼ਸਲ ਬੀਮਾ ਯੋਜਨਾ ਲਾਗੂ ਕਰਨ 'ਤੇ ਤੁਰੰਤ ਫ਼ੈਸਲਾ ਕਰਨਾ ਚਾਹੀਦਾ ਹੈ | 13 ਅਪ੍ਰੈਲ ਨੂੰ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੌਰਾਨ ਰਾਜ ਵਿਚ ਫ਼ਸਲ ਬੀਮਾ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਜਾਵੇ | ਇਹ ਮੰਗ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਤਿਆਰ ਕੀਤੀ ਗਈ ਫ਼ਸਲ ਬੀਮਾ ਯੋਜਨਾ ਦੇਸ਼ ਦੇ ਹੋਰਨਾਂ ਸੂਬਿਆਂ 'ਚ ਲਾਗੂ ਹੈ, ਪਰ ਪੰਜਾਬ ਵਿਚ ਇਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਜੋ ਕਿ ਕਿਸਾਨਾਂ ਨਾਲ ਨਾ-ਇਨਸਾਫ਼ੀ ਹੈ | ਜਾਖੜ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਕਿਸਾਨ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਭਾਰੀ ਨੁਕਸਾਨ ਝੱਲ ਰਹੇ ਹਨ | ਇਸ ਤੋਂ ਪਹਿਲਾਂ ਵੀ 2023 ਅਤੇ 2025 'ਚ ਆਏ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਸੀ, ਪਰ ਅਜੇ ਤੱਕ ਕਈ ਕਿਸਾਨਾਂ ਨੂੰ ਯੋਗ ਮੁਆਵਜ਼ਾ ਨਹੀਂ ਮਿਲਿਆ |