ਚੰਡੀਗੜ੍ਹ, 11 ਅਪ੍ਰੈਲ (ਅਜੀਤ ਬਿਊਰੋ)-ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 'ਪੁਰਸਕਾਰ ਨੀਤੀ' ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ | ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ | 'ਗੈਂਗਸਟਰਾਂ 'ਤੇ ਵਾਰ' ਪ੍ਰਾਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਨੂੰ 1 ਲੱਖ ਰੁਪਏ ਤੱਕ ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ | ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ | ਇਹ ਪ੍ਰਾਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ | ਪੰਜਾਬ ਸਰਕਾਰ ਨੇ ਨਾਮਜ਼ਦ ਪੁਲਿਸ ਕਰਮਚਾਰੀਆਂ ਲਈ ਉਕਤ ਮਨਜ਼ੂਰ ਸ਼ਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਮਿਲੀ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ ਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੂਚਨਾ ਦੇਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤਾ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਚਾਣ ਪੁਲਿਸ, ਜਨਤਾ ਜਾਂ ਸਰਕਾਰ, ਕਿਸੇ ਵੀ ਪੱਧਰ 'ਤੇ ਜ਼ਾਹਿਰ ਨਹੀਂ ਕੀਤੀ ਜਾਵੇਗੀ | ਪੰਜਾਬ ਸਰਕਾਰ ਨੇ ਦੱਸਿਆ, ਸਰਕਾਰ ਦਾ ਟੀਚਾ ਸੂਬੇ ਵਿਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ 'ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਹੈ ਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ | ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ 'ਆਪੇ੍ਰਸ਼ਨ ਪ੍ਰਹਾਰ' ਅਧੀਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ | ਇਹ ਇਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ ਜਿਸ ਵਿਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਰਾਜ ਵਿਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਕਿਹਾ, ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ | ਇਸ ਦੌਰਾਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਾਲ ਹੀ ਵਿਚ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ 'ਤੇ 56,487 ਛਾਪੇ ਮਾਰੇ ਹਨ |