ਮਲੇਰਕੋਟਲਾ, 11 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਸਾਡੀ ਨੌਜਵਾਨ ਪੀੜ੍ਹੀ ਨੂੰ ਬਾਣੀ-ਬਾਣੇ ਦੇ ਧਾਰਨੀ ਹੋਣਾ ਸਮੇਂ ਦੀ ਲੋੜ ਹੈ, ਕਿਉਂਕਿ ਪੱਛਮੀ ਸਭਿਅਤਾ ਤੇ ਨਸ਼ਿਆਂ ਵਿਚ ਡੁੱਬਦੀ ਜਾ ਰਹੀ ਨੌਜਵਾਨੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਜਿਨ੍ਹਾਂ ਨੂੰ ਸਹੀ ਸੇਧ ਦੇਣਾ ਸਾਡਾ ਫ਼ਰਜ਼ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਬਚਪਨ ਤੋਂ ਹੀ ਗੁਰਬਾਣੀ, ਬਾਣੇ, ਤੇ ਦਸਤਾਰ ਨਾਲ ਜੋੜੀਏ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੀਏ | ਉਨ੍ਹਾਂ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀਆਂ ਦਸਤਾਰ ਖੇਤਰ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਨੌਜਵਾਨ ਪੀੜ੍ਹੀ ਨੂੰ ਦਸਤਾਰ ਨਾਲ ਜੋੜਨ ਲਈ ਕੀਤੇ ਜਾ ਉਪਰਾਲੇ ਸ਼ਲਾਘਾਯੋਗ ਹਨ | ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਸਾਬਤ ਸੂਰਤ ਹੋਣ ਤੇ ਦਸਤਾਰਾਂ ਸਜਾਉਣ ਕਿਉਂਕਿ ਗੁਰੂ ਸਾਹਿਬਾਨ ਨੇ ਸਾਨੂੰ ਦਸਤਾਰਾਂ ਸਜਾਉਣਾ ਲਾਜ਼ਮੀ ਕੀਤਾ ਹੈ | ਦਸਤਾਰ ਸਾਡੀ ਕੌਮੀ ਪਹਿਚਾਣ ਤੇ ਸਿੱਖੀ ਦੀ ਸ਼ਾਨ ਹੈ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰ ਨਾਲ ਵਿਸ਼ਵ ਪੱਧਰ 'ਤੇ ਜੋੜਿਆ ਜਾ ਰਿਹਾ ਹੈ ਉਥੇ ਹੀ ਆਉਣ ਵਾਲੇ ਸਮੇਂ ਵਿੱਚ ਸੰਸਥਾ ਵੱਲੋਂ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਮਾਝਾ, ਮਾਲਵਾ, ਦੁਆਬਾ ਦਸਤਾਰ ਐਵਾਰਡ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ | ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ, ਮਲੇਸ਼ੀਆ ਇੰਚਾਰਜ ਸਰਬਜੀਤ ਸਿੰਘ ਮਲੇਸ਼ੀਆ, ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਸੁਖਦੀਪ ਸਿੰਘ ਸੁੱਖ ਫਲੈਕਸ, ਇੰਟਰਨੈਸ਼ਨਲ ਦਸਤਾਰ ਕੋਚ ਹਰਪ੍ਰੀਤ ਸਿੰਘ ਚੀਮਾਂ, ਤਰਨਪ੍ਰੀਤ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |
ਕੌਮੀ ਹਿਤਾਂ ਦੀ ਪਹਿਰੇਦਾਰੀ ਲਈ ਨੌਜਵਾਨ ਪੀੜ੍ਹੀ ਨੂੰ ਬਾਣੀ-ਬਾਣੇ ਦੇ ਧਾਰਨੀ ਹੋਣ ਦੀ ਲੋੜ-ਜਥੇਦਾਰ ਗੜਗੱਜ
ਅਜੀਤ ਡੈਸਕ
12-04-2026