ਭਵਾਨੀਗੜ੍ਹ, 11 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਚੰਡੀਗੜ੍ਹ-ਬਠਿੰਡਾ ਮੁੱਖ ਸੜਕ 'ਤੇ ਪਿੰਡ ਕਾਲਾਝਾੜ ਦੇ ਟੋਲ ਪਲਾਜ਼ਾ 'ਤੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵਲੋਂ ਕੇਂਦਰ ਸਰਕਾਰ ਦੀ ਨਵੀਂ ਕੈਸ਼ਲੈੱਸ ਨੀਤੀ ਦੇ ਵਿਰੋਧ ਵਿਚ ਤਿੱਖਾ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਟੋਲ ਪਲਾਜ਼ਿਆਂ 'ਤੇ ਨਕਦ ਭੁਗਤਾਨ ਪ੍ਰਣਾਲੀ ਨੂੰ ਖ਼ਤਮ ਕਰ ਕੇ ਯੂ.ਪੀ.ਆਈ. ਅਤੇ ਨੈਟ ਬੈਂਕਿੰਗ ਰਾਹੀਂ ਭੁਗਤਾਨ ਲਾਜ਼ਮੀ ਕਰਨ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ, ਜੋ ਆਮ ਲੋਕਾਂ ਲਈ ਵੱਡੀਆਂ ਮੁਸ਼ਕਿਲਾਂ ਪੈਦਾ ਕਰੇਗੀ | ਸੂਬਾ ਜਨਰਲ ਸਕੱਤਰ ਸੁਖਜੀਤ ਸੰਧੂ ਅਤੇ ਸੂਬਾ ਮੀਤ ਪ੍ਰਧਾਨ ਰਾਜਵੰਤ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਾਰ ਆਪਣੇ ਹੀ ਦੇਸ਼ ਦੀ ਕਰੰਸੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਰਹੀ ਹੈ, ਜੋ ਨਿੰਦਣਯੋਗ ਹੈ | ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਹ ਨੀਤੀ ਤੁਰੰਤ ਰੱਦ ਨਾ ਕੀਤੀ ਗਈ ਤਾਂ 15 ਅਪ੍ਰੈਲ 2026 ਤੋਂ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਪਰਚੀ ਮੁਕਤ ਕਰ ਦਿੱਤਾ ਜਾਵੇਗਾ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਮੁੱਖ ਸੜਕ 'ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ |
ਟੋਲ ਪਲਾਜ਼ਿਆਂ 'ਤੇ ਨਕਦ ਭੁਗਤਾਨ ਪ੍ਰਣਾਲੀ ਨੂੰ ਖ਼ਤਮ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ-ਲਾਡੀ
ਅਜੀਤ ਡੈਸਕ
12-04-2026