ਤਲਵੰਡੀ ਸਾਬੋ, 12 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਅਖੰਡ ਪਾਠ ਆਰੰਭ ਹੋਣ ਦੇ ਨਾਲ ਹੀ ਵਿਸਾਖੀ ਜੋੜ ਮੇਲ ਰਸਮੀ ਤੌਰ 'ਤੇ ਆਰੰਭ ਹੋ ਗਿਆ | ਅੱਜ ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਪਾਵਨ ਸਰੋਵਰਾਂ 'ਚ ਇਸ਼ਨਾਨ ਕਰਕੇ ਤਖ਼ਤ ਸਾਹਿਬ ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ 'ਚ ਮੱਥਾ ਟੇਕਿਆ | ਅੱਜ ਸਭ ਤੋਂ ਪਹਿਲਾਂ ਤਖ਼ਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ | ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ | ਆਰੰਭਤਾ ਸਮਾਗਮ 'ਚ ਮੌਜੂਦ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਨੇ ਸਮੁੱਚੀ ਸਿੱਖ ਕੌਮ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਸਿੱਖ ਕੌਮ ਦੇ ਅਣਖੀਲੇ ਇਤਿਹਾਸ ਤੇ ਸਵੈ ਮਾਣ ਦਾ ਪ੍ਰਤੀਕ ਹੈ | ਸਿੰਘ ਸਾਹਿਬ ਨੇ ਦੱਸਿਆ ਕਿ 14 ਅਪ੍ਰੈਲ ਨੂੰ ਮੁੱਖ ਸਮਾਗਮ ਹੋਣਗੇ, ਜਿਨ੍ਹਾਂ 'ਚ ਜਿਥੇ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ, ਉੱਥੇ ਪ੍ਰਸਿੱਧ ਕਥਾਵਾਚਕ ਕਥਾ ਵਿਚਾਰਾਂ ਰਾਹੀਂ ਤੇ ਢਾਡੀ ਅਤੇ ਕਵੀਸ਼ਰੀ ਜਥੇ ਵੀਰ ਰਸ ਵਾਰਾਂ ਨਾਲ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਨਗੇ | ਮੁੱਖ ਸਮਾਗਮਾਂ 'ਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰਨਗੇ | ਉੱਧਰ ਅੱਜ ਪਹਿਲੇ ਦਿਨ ਸਵੇਰ ਤੋਂ ਹੀ ਵੱਡੀ ਗਿਣਤੀ ਸੰਗਤ ਤਖ਼ਤ ਸਾਹਿਬ ਪੁੱਜਣੀ ਸ਼ੁਰੂ ਹੋ ਗਈ | ਸ਼੍ਰੋਮਣੀ ਕਮੇਟੀ ਵਲੋਂ ਇਸ ਮੌਕੇ ਢਾਡੀ ਦਰਬਾਰ ਵੀ ਸਜਾਇਆ ਗਿਆ, ਜਿਸ ਵਿਚ ਪ੍ਰਸਿੱਧ ਢਾਡੀ ਜਥਿਆਂ ਨੇ ਵੀਰ ਰਸ ਵਾਰਾਂ ਰਾਹੀਂ ਸੰਗਤ ਨੂੰ ਖ਼ਾਲਸਾ ਸਾਜਨਾ ਦੇ ਸਮੁੱਚੇ ਬਿਰਤਾਂਤ ਨਾਲ ਜੋੜਿਆ | ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁ: ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ 'ਚ 400 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ | ਆਰੰਭਤਾ ਸਮਾਗਮਾਂ 'ਚ ਅੱਜ ਸ਼੍ਰੋਮਣੀ ਕਮੇਟੀ ਦੇ ਅੰਤਿ੍ਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੋਹਣ ਸਿੰਘ ਬੰਗੀ ਤੇ ਗੁਰਮੀਤ ਸਿੰਘ ਬੂਹ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ, ਭਾਈ ਗੁਰਜੰਟ ਸਿੰਘ ਵਧੀਕ ਹੈੱਡ ਗ੍ਰੰਥੀ, ਪਿ੍ੰਸੀਪਲ ਰਵਿੰਦਰ ਸਿੰਘ ਖ਼ਾਲਸਾ, ਭਾਈ ਜਗਤਾਰ ਸਿੰਘ ਕੀਰਤਪੁਰੀ ਮੁੱਖ ਕਥਾਵਾਚਕ, ਭਾਈ ਆਲਮ ਸਿੰਘ ਕਥਾਵਾਚਕ ਤੋਂ ਇਲਾਵਾ ਮੋਹਤਬਰ ਸ਼ਖ਼ਸੀਅਤਾਂ ਮੌਜੂਦ ਸਨ | ਤਖ਼ਤ ਸਾਹਿਬ ਵਿਖੇ ਕੀਤੀ ਗਈ ਸੁੰਦਰ ਦੀਪਮਾਲਾ ਸ਼ਾਮ ਸਮੇਂ ਆਲੌਕਿਕ ਦਿਖ ਪੇਸ਼ ਕਰ ਰਹੀ ਸੀ |
ਵਿਸਾਖੀ ਜੋੜ ਮੇਲੇ ਦੇ ਪਹਿਲੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ): ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਗਏ ਜੋੜ ਮੇਲੇ ਦੇ ਪਹਿਲੇ ਦਿਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸਾਹਿਬ ਨਤਮਸਤਕ ਹੋਏ | ਤਖ਼ਤ ਸਾਹਿਬ ਪੁੱਜਣ 'ਤੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੀ ਆਇਆਂ ਆਖਿਆ | ਮੁੱਖ ਮੰਤਰੀ ਮਾਨ ਤੇ ਵਿਧਾਇਕਾ ਬਲਜਿੰਦਰ ਕੌਰ ਨੇ ਇਸ ਮੌਕੇ ਤਖ਼ਤ ਸਾਹਿਬ ਮੱਥਾ ਟੇਕਿਆ, ਜਿੱਥੇ ਤਖ਼ਤ ਸਾਹਿਬ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਪ੍ਰਸਾਦਿ ਦੇ ਰੂਪ 'ਚ ਫੁੱਲਾਂ ਦੀ ਇੱਕ ਮਾਲਾ ਤੇ ਕੁਝ ਹੋਰ ਸਮਾਨ ਭੇਟ ਕੀਤਾ ਗਿਆ | ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੁੱਚੇ ਸਿੱਖ ਜਗਤ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ |ਉਨ੍ਹਾਂ ਨਾਲ ਵਿਧਾਇਕਾ ਬਲਜਿੰਦਰ ਕੌਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਵਿਧਾਇਕਾ ਦੇ ਪਿਤਾ ਤੇ ਪੰਥਕ ਆਗੂ ਜਥੇਦਾਰ ਦਰਸ਼ਨ ਸਿੰਘ ਜਗਾ ਰਾਮ ਤੀਰਥ, ਐਡਵੋਕੇਟ ਉਦੈਵੀਰ ਸਿੰਘ ਜਗਾ, ਬਲਵਿੰਦਰ ਸਿੰਘ ਬੱਲ੍ਹੋ ਚੇਅਰਮੈਨ ਮਾਰਕੀਟ ਕਮੇਟੀ ਮੌੜ, ਜਸਵਿੰਦਰ ਕੌਰ ਸਰਪੰਚ ਜਗਾ ਰਾਮ ਤੀਰਥ, ਗੁਰਤੇਜ ਸਿੰਘ ਜੋਗੇਵਾਲਾ, ਕੇਵਲ ਸਿੰਘ ਨਿੱਜੀ ਸਹਾਇਕ ਆਦਿ ਹਾਜ਼ਰ ਸਨ |
ਮੁੱਖ ਮੰਤਰੀ ਭਗਵੰਤ ਮਾਨ ਬੁੱਢਾ ਦਲ ਛਾਉਣੀ ਵਿਖੇ ਹੋਏ ਨਤਮਸਤਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਬੁੱਢਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਮੱਥਾ ਟੇਕਿਆ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ | ਇਸ ਮਿਲਣੀ ਸਮੇਂ ਪੰਥਕ ਵਿਚਾਰਾਂ ਦੇ ਨਾਲ ਨਾਲ ਛਾਉਣੀ ਬਾਰੇ ਕੁੱਝ ਪ੍ਰਬੰਧਕੀ ਨੁਕਤੇ ਵੀ ਵਿਚਾਰੇ ਗਏ | ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉਨ੍ਹਾਂ ਨੂੰ ਬੁੱਢਾ ਦਲ ਦੇ ਜੁਝਾਰੂ ਸ਼ਾਨਾਮੱਤੇ ਇਤਿਹਾਸ ਬਾਰੇ ਭਰਪੂਰ ਜਾਣਕਾਰੀ ਦਿੱਤੀ | ਇਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਸਿਰਪਾਓ, ਸ੍ਰੀ ਸਾਹਿਬ, ਦੋਸ਼ਾਲਾ ਬਖਸ਼ਿਸ਼ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਇੰਦਰਪਾਲ ਸਿੰਘ ਫੌਜੀ ਰਿਕੀ, ਬਾਬਾ ਜੱਸਾ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਮੇਜਰ ਸਿੰਘ, ਬਾਬਾ ਦਲੇਰ ਸਿੰਘ ਆਦਿ ਹਾਜ਼ਰ ਸਨ |
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋਣ ਨਾਲ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਆਰੰਭ <br/>
ਅਜੀਤ ਡੈਸਕ
13-04-2026