ਚੰਡੀਗੜ੍ਹ, 12 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ ਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਪਹਿਲੇ 20 ਵਿਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ | ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ 'ਤੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿਚ ਸਿੱਧਾ ਦਾਖਲਾ ਦਿੱਤਾ ਜਾਵੇਗਾ, ਜਿਸ ਨਾਲ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ | ਮੁੱਖ ਮੰਤਰੀ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ, ਸਖ਼ਤ ਮਿਹਨਤ ਕਰਨ ਅਤੇ ਸਹੀ ਰੋਲ ਮਾਡਲ ਚੁਣਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਬਦਲੇ ਹੋਏ ਸਰਕਾਰੀ ਸਕੂਲ ਹੁਣ ਸਿੱਖਿਆ ਵਿਚ ਕੌਮੀ ਮਾਪਦੰਡ ਵਜੋਂ ਉੱਭਰ ਰਹੇ ਹਨ | ਵਿਦਿਆਰਥੀਆਂ ਨਾਲ ਗੱਲਬਾਤ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਲਿਖਿਆ, ''ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਪੂਰੇ ਸੂਬੇ ਵਿਚੋਂ ਅੱਵਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਵਿੱਚ ਸਨਮਾਨਿਤ ਕੀਤਾ ਗਿਆ | ਇਸ ਖਾਸ ਮੌਕੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਤਹਿ-ਦਿਲੋਂ ਵਧਾਈਆਂ ਦਿੱਤੀਆਂ ਗਈਆਂ |'' ਮੁੱਖ ਮੰਤਰੀ ਨੇ ਕਿਹਾ, ''ਇਸ ਸਾਲ ਦੇ ਨਤੀਜਿਆਂ ਵਿਚ ਪਹਿਲਾ ਸਥਾਨ ਇੱਟਾਂ ਦੇ ਭੱਠੇ 'ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਪ੍ਰਾਪਤ ਕੀਤਾ ਹੈ, ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਟਾਈਲਾਂ ਦੀ ਦੁਕਾਨ ਦੇ ਮਾਲਕ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਪ੍ਰਾਪਤ ਕੀਤਾ ਹੈ |'' ਅੱਵਲ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ ਕੁੜੀਆਂ ਨੇ ਚੋਟੀ ਦੇ 20 ਵਿਚੋਂ 19 ਸਥਾਨ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ ਦਬਦਬਾ ਬਣਾਇਆ ਹੈ, ਇਹ ਉਨ੍ਹਾਂ ਦੇ ਦਿ੍ੜ੍ਹ ਇਰਾਦੇ ਦਾ ਸ਼ਕਤੀਸ਼ਾਲੀ ਪ੍ਰਮਾਣ ਕਿਹਾ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰਵੇਸ਼ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿਚ ਨੌਵੀਂ ਜਮਾਤ ਵਿਚ ਦਾਖਲਾ ਦਿੱਤਾ ਜਾਵੇਗਾ | ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ 'ਤੇ ਮੋਹਰੀ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ | ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸ਼ਨਦੀਪ ਕੌਰ ਨੇ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਮੁੱਖ ਮੰਤਰੀ ਭਗਵੰਤ ਮਾਨ ਨੇ ਮਾਣ ਨਾਲ ਕਿਹਾ ਕਿ ਇਹ ਤਿੰਨੋਂ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ ਦੇ ਅਥਲੀਟ ਵੀ ਹਨ |
ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' 'ਚ ਮੋਹਰੀ ਭੂਮਿਕਾ ਨਿਭਾਈ <br/>
ਅਜੀਤ ਡੈਸਕ
13-04-2026