ਚੰਡੀਗੜ੍ਹ, 12 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਉਨ੍ਹਾਂ ਸੰਤ ਮਹਾਪੁਰਸ਼ਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜੋ ਮਾਣਯੋਗ ਮੁੱਖ ਮੰਤਰੀ ਦੀ ਬੇਨਤੀ 'ਤੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿਚ ਸ਼ਾਮਿਲ ਹੋਏ ਅਤੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਫਲਤਾਪੂਰਵਕ ਮਨਾਉਣ ਲਈ ਆਪਣਾ ਸਹਿਯੋਗ ਅਤੇ ਮਾਰਗਦਰਸ਼ਨ ਦਿੱਤਾ | ਦੀਪਕ ਬਾਲੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਯੋਜਨਾ ਪੇਸ਼ ਕੀਤੀ ਗਈ, ਜਿਸ ਨੂੰ ਸਾਰੇ ਧਾਰਮਿਕ ਆਗੂਆਂ ਨੇ ਖਿੜੇ ਮੱਥੇ ਪ੍ਰਵਾਨ ਕੀਤਾ | ਉਨ੍ਹਾਂ ਕਿਹਾ ਕਿ ਸੰਤਾਂ ਨੇ ਇਨ੍ਹਾਂ ਸਮਾਗਮਾਂ ਦੀ ਅਗਵਾਈ ਤੇ ਮਾਰਗਦਰਸ਼ਨ ਕਰਨ ਲਈ ਵੀ ਸਹਿਮਤੀ ਜਤਾਈ ਹੈ, ਜੋ ਕਿ ਮੁੱਖ ਮੰਤਰੀ ਦੇ ਉਸ ਵਿਜ਼ਨ ਅਨੁਸਾਰ ਹੈ ਕਿ ਸਾਰੇ ਸਮਾਗਮ ਉਨ੍ਹਾਂ ਦੀ ਅਧਿਆਤਮਕ ਅਗਵਾਈ ਹੇਠ ਕਰਵਾਏ ਜਾਣਗੇ | ਮੁੱਖ ਪ੍ਰੋਗਰਾਮਾਂ 'ਤੇ ਚਾਨਣਾ ਪਾਉਂਦਿਆਂ ਦੀਪਕ ਬਾਲੀ ਨੇ ਕਿਹਾ ਕਿ ਚਾਰ ਪ੍ਰਮੁੱਖ 'ਸ਼ੋਭਾ ਯਾਤਰਾਵਾਂ' ਕੱਢੀਆਂ ਜਾਣਗੀਆਂ, ਜਿਨ੍ਹਾਂ ਵਿਚ ਕਾਸ਼ੀ (ਵਾਰਾਣਸੀ) ਦੇ ਨਾਲ-ਨਾਲ ਤਲਵੰਡੀ ਸਾਬੋ (ਬਠਿੰਡਾ), ਬਨਾਰਸ ਤੇ ਜੰਮੂ ਦੇ ਰੂਟ ਸ਼ਾਮਿਲ ਹੋਣਗੇ | ਇਸ ਤੋਂ ਇਲਾਵਾ, ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਡਰੋਨ ਸ਼ੋਅ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਇੱਕ ਵਿਸ਼ੇਸ਼ ਡਾਕੂਮੈਂਟਰੀ ਤਿਆਰ ਕੀਤੀ ਗਈ ਹੈ, ਜੋ ਕਿ 13,000 ਪਿੰਡਾਂ ਤੇ 4,000 ਵਾਰਡਾਂ ਵਿਚ ਦਿਖਾਈ ਜਾਵੇਗੀ |
ਸੰਤ ਮਹਾਪੁਰਸ਼ਾਂ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ 'ਆਪ' ਸਰਕਾਰ ਨੂੰ ਦਿੱਤਾ ਸਮਰਥਨ-ਦੀਪਕ ਬਾਲੀ
ਅਜੀਤ ਡੈਸਕ
13-04-2026