ਕੇਂਦਰ ਸਰਕਾਰ ਪੰਜਾਬ ਦੀ ਰਵਾਇਤੀ ਭੂਮਿਕਾ ਨੂੰ ਕਮਜ਼ੋਰ ਕਰਨ ਲੱਗੀ-ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ, 14 ਅਪ੍ਰੈਲ (ਮਾਨ)-ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐਮ. ਬੀ.) ਦੇ ਨਿਯਮਾਂ ਵਿਚ ਕੀਤੇ ਗਏ ਕਥਿਤ ਬਦਲਾਵਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਪੰਜਾਬ ਦੀ ਰਵਾਇਤੀ ਭੂਮਿਕਾ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸੰਘੀ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ | ਰੰਧਾਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਵਿਚ ਅਸਫਲ ਰਹਿਣ ਦਾ ਦੋਸ਼ ਲਗਾਇਆ | ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ 'ਤੇ ਤੁਰੰਤ ਮੁੜ ਵਿਚਾਰ ਕਰਨ ਅਤੇ ਪੰਜਾਬ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕਰਨ ਦੀ ਅਪੀਲ ਕੀਤੀ |
ਗ੍ਰਹਿ ਮੰਤਰੀ ਅਸਿੱਧੇ ਤੌਰ 'ਤੇ ਪੰਜਾਬ 'ਤੇ ਸ਼ਾਸਨ ਚਲਾਉਣਾ ਚਾਹੁੰਦੇ ਹਨ-ਵੜਿੰਗ
ਚੰਡੀਗੜ੍ਹ, 14 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਪੰਜਾਬ ਵਿਚ ਅਸਿੱਧੇ ਤਰੀਕੇ ਰਾਹੀਂ ਸ਼ਾਸਨ ਕਰਨ ਲਈ ਰਾਸ਼ਟਰਪਤੀ ਰਾਜ ਲਗਾਉਣ ਵੱਲ ਵੱਧ ਰਹੇ ਹਨ | ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੀ ਮੈਂਬਰਸ਼ਿਪ ਨੂੰ ਬਾਹਰੀ ਲੋਕਾਂ ਲਈ ਖੋਲ੍ਹਣ ਸਬੰਧੀ ਕੇਂਦਰ ਸਰਕਾਰ ਦੇ ਹਾਲੀਆ ਫੈਸਲੇ 'ਤੇ ਵੀ ਸਖ਼ਤ ਇਤਰਾਜ਼ ਜਤਾਇਆ ਹੈ, ਜਿਹੜੀ ਹੁਣ ਤੱਕ ਇਹ ਪੰਜਾਬ ਅਤੇ ਹਰਿਆਣਾ ਤੱਕ ਹੀ ਸੀਮਿਤ ਰਹੀ ਹੈ | ਵੜਿੰਗ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਬਚੇ ਹੋਏ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇਕ ਹੋਰ ਕੋਸ਼ਿਸ਼ ਹੈ |
ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਅਸਫਲ 'ਆਪ'-ਧਾਲੀਵਾਲ
ਚੰਡੀਗੜ੍ਹ, 14 ਅਪ੍ਰੈਲ (ਮਾਨ)-ਕਾਂਗਰਸ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਨਿਯਮਾਂ ਨੂੰ ਬਦਲਣ ਤੇ ਪੰਜਾਬ ਦੇ ਲਾਜ਼ਮੀ ਹਿੱਸੇ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਬੀ. ਬੀ. ਐਮ. ਬੀ. ਨਿਯਮਾਂ 1974 ਵਿਚ ਸੋਧ ਕਰਕੇ, ਕੇਂਦਰ ਸਰਕਾਰ ਨੇ ਹੁਣ ਪੰਜਾਬ ਲਈ ਰਾਖਵੇਂ 'ਮੈਂਬਰ ਪਾਵਰ' ਦੇ ਅਹੁਦੇ ਨੂੰ ਦੇਸ਼ ਭਰ ਦੇ ਅਧਿਕਾਰੀਆਂ ਲਈ ਖੋਲ੍ਹ ਦਿੱਤਾ ਹੈ, ਜੋ ਕਿ ਪੰਜਾਬ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ ਜਦਕਿ ਹੁਣ ਤੱਕ, ਇਹ ਮੈਂਬਰਸ਼ਿਪ ਪੰਜਾਬ ਅਤੇ ਹਰਿਆਣਾ ਤੱਕ ਸੀਮਤ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਅਸਫਲ ਰਹੀ ਹੈ |
ਬੀ.ਬੀ.ਐਮ.ਬੀ. ਨੂੰ ਲੈ ਕੇ ਮਾਮਲਾ ਭਖਿਆ <br/>
ਅਜੀਤ ਡੈਸਕ
15-04-2026