ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਇਕ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 3 ਕਿਲੋ 915 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਬਰਾਮਦ ਹੈਰੋਇਨ ਦੀ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 20 ਕਰੋੜ ਰੁਪਏ ਦੱਸੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਹਾਲੀ ਦੇ ਐੱਸ.ਆਈ. ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਸਰਹਾਲੀ ਕਲਾਂ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇਕ ਮੋਟਰਸਾਈਕਲ ਨੰਬਰ ਪੀ.ਬੀ. 46 ਏ.ਜੇ 8589 'ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ 3 ਕਿਲੋ 915 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਪੁੱਛਗਿੱਛ ਦੌਰਾਨ ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਮ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੀਤੋ ਮਹਿ ਝੁੱਗੀਆਂ ਪੱਟੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗਿ੍ਫ਼ਤਾਰ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
ਚਾਰ ਕਿਲੋ ਹੈਰੋਇਨ ਸਮੇਤ ਇਕ ਤਸਕਰ ਕਾਬੂ
ਅਜੀਤ ਡੈਸਕ
15-04-2026