ਜਲੰਧਰ, 16 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 2022 ਦੀਆਂ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਪੰਜ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ | ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਿਛਲੀਆਂ ਚੋਣਾਂ ਦੇ ਮੁਕਾਬਲੇ 100 ਦੇ ਕਰੀਬ ਸੀਟਾਂ ਜਿੱਤ ਕੇ ਮੁੜ ਆਪਣੀ ਸਰਕਾਰ ਬਣਾਏਗੀ | ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਿਹਤ ਸੁਰੱਖਿਆ ਦੀ ਗਾਰੰਟੀ ਪੂਰੀ ਕਰਨ ਲਈ ਸੂਬੇ ਭਰ ਨੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ | ਸਿੱਖਿਆ ਦੇ ਖੇਤਰ 'ਚ ਵੀ ਦਿੱਲੀ ਦਾ ਮਾਡਲ ਲਾਗੂ ਕੀਤਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ ਹੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇ ਹਾਣ ਦਾ ਬਣਾਉਣ ਲਈ ਆਧੁਨਿਕ ਕਲਾਸ ਰੂਮ ਤਿਆਰ ਕੀਤੇ ਗਏ ਹਨ | ਅਧਿਆਪਕਾਂ ਦਾ ਗਿਆਨ ਵਧਾਉਣ ਲਈ ਵਿਦੇਸ਼ੀ ਦੌਰੇ ਕਰਵਾਏ ਗਏ ਹਨ | ਇਸ ਦੇ ਨਾਲ ਹੀ ਪੰਜਾਬ ਨੂੰ ਸਰਪਲੱਸ ਬਿਜਲੀ ਵਾਲਾ ਸੂਬਾ ਬਣਾਇਆ ਗਿਆ ਅਤੇ ਉਦਯੋਗਾਂ ਤੇ ਕਿਸਾਨਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ | ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ਵੀ ਪੂਰੀ ਕੀਤੀ ਗਈ | 65000 ਨੌਜਵਾਨਾਂ ਨੂੰ ਬਿਨਾਂ ਸਿਫਾਰਸ਼ ਤੇ ਰਿਸ਼ਵਤ ਦਿੱਤੇ ਨੌਕਰੀਆਂ ਦਿੱਤੀਆਂ ਗਈਆਂ ਹਨ | ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀ ਪੰਜਵੀਂ ਗਾਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਤਹਿਤ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰ ਦਿੱਤੀ ਗਈ ਤੇ ਮਈ ਮਹੀਨੇ ਤੋਂ ਆਮ ਵਰਗ ਦੀਆਂ ਔਰਤਾਂ ਦੇ ਖਾਤਿਆਂ 'ਚ 1000 ਰੁਪਏ ਤੇ ਐੱਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ 'ਚ 1500 ਰੁਪਏ ਆਉਣੇ ਸ਼ੁਰੂ ਹੋ ਜਾਣਗੇ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਵਲੋਂ ਪੂਰੀਆਂ ਕੀਤੀਆਂ ਗਈਆਂ ਗਾਰੰਟੀਆਂ 'ਤੇ ਆਪਣੀ ਮੋਹਰ ਲਾਉਣਗੇ | ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ 'ਚ ਵਿਰੋਧੀ ਪਾਰਟੀਆਂ ਦਾ ਕੋਈ ਆਧਾਰ ਨਹੀਂ ਹੈ | ਕਾਂਗਰਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਰਟੀ ਦੇ ਸਾਰੇ ਵੱਡੇ ਲੀਡਰ ਆਪਣੇ ਆਪ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵੇਦਾਰ ਮੰਨਦੇ ਹਨ | ਸ਼੍ਰੋਮਣੀ ਅਕਾਲੀ ਦਲ ਬਾਰੇ ਬੋਲਦਿਆਂ 'ਆਪ' ਦੇ ਬੁਲਾਰੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਭ ਤੋਂ ਵੱਡੀ ਤੇ ਵੱਕਾਰੀ ਪਾਰਟੀ ਸਮਝੀ ਜਾਂਦੀ ਸੀ ਪਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਇਹ ਆਪਣਾ ਆਧਾਰ ਪੂਰੀ ਤਰ੍ਹਾਂ ਗੁਆ ਚੁੱਕੀ ਹੈ |