ਅੰਮਿ੍ਤਸਰ, 16 ਅਪ੍ਰੈਲ (ਜਸਵੰਤ ਸਿੰਘ ਜੱਸ)-ਲੰਬੇ ਅਰਸੇ ਤੋਂ ਕੇਂਦਰੀ ਜੇਲ੍ਹ ਪਟਿਆਲਾ ਦੀ ਫਾਂਸੀ ਕੋਠੀ ਨੰ: 16 ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖ਼ਾਲਸਾ ਸਾਜਣਾ ਦਿਵਸ ਮੌਕੇ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਜਾਰੀ ਕਰਕੇ ਸ਼ੋ੍ਰਮਣੀ ਕਮੇਟੀ ਵਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ 14 ਵਰਿ੍ਹਆਂ ਤੋਂ ਦਾਇਰ ਕੀਤੀ ਪਟੀਸ਼ਨ ਨੂੰ 10 ਦਿਨਾ ਅੰਦਰ ਵਾਪਸ ਲੈਣ ਦਾ ਆਦੇਸ਼ ਜਾਰੀ ਕਰਨ ਦੀ ਕੀਤੀ ਗਈ ਅਪੀਲ ਫਿਲਹਾਲ ਠੰਡੇ ਬਸਤੇ ਵਿਚ ਹੈ | ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਵਲੋਂ ਬੀਤੀ 27 ਮਾਰਚ ਨੂੰ ਜਥੇਦਾਰ ਗੜਗੱਜ ਨੂੰ ਪੰਜ ਸਫ਼ਿਆਂ ਦਾ ਲੰਬਾ ਪੱਤਰ ਲਿਖ ਕੇ ਅਤੇ ਇਸ ਪ੍ਰਤੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਕੇ ਉਕਤ ਅਪੀਲ ਕੀਤੀ ਗਈ ਸੀ | ਹੁਣ ਜਦੋਂ ਕਿ ਖ਼ਾਲਸਾ ਸਾਜਣਾ ਦਿਵਸ ਵੀ ਲੰਘ ਗਿਆ ਹੈ ਤੇ ਉਨ੍ਹਾਂ ਵਲੋਂ ਪਟੀਸ਼ਨ ਵਾਪਸ ਲੈਣ ਸੰਬੰਧੀ ਨਿਰਧਾਰਤ 10 ਦਿਨਾਂ ਦੀ ਅਪੀਲ ਵਾਲੀ ਮਿਆਦ ਵੀ ਖਤਮ ਹੋ ਚੁੱਕੀ ਹੈ, ਪਰ ਅਜੇ ਤੱਕ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਇਸ ਬਾਰੇ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਸੂਤਰਾਂ ਅਨੁਸਾਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗ ੜਗੱਜ ਵਲੋਂ ਇਸ ਪੱਤਰ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤੇ ਉਹ ਆਪਣੇ ਕਰੀਬ ਇਕ ਹਫ਼ਤੇ ਦੇ ਨਿਊਜ਼ੀਲੈਂਡ ਦੌਰੇ ਤੋਂ ਅੰਮਿ੍ਤਸਰ ਪਰਤਣ ਬਾਅਦ ਇਸ ਸੰਬੰਧੀ ਲੋੜੀਂਦੀ ਕਾਰਵਾਈ ਅਮਲ ਵਿਚ ਲਿਆ ਕੇ ਕੋਈ ਅਹਿਮ ਐਲਾਨ ਕਰ ਸਕਦੇ ਹਨ |