ਖੰਨਾ, 16 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਵਾਸਤੇ ਕਣਕ ਦੀ ਖ਼ਰੀਦ ਵਿਚ ਨਮੀ ਦੀ ਮਾਤਰਾ ਵਿਚ ਛੋਟ ਹਾਸਲ ਕਰਨ ਵਿਚ ਅਸਫਲ ਰਹਿਣ ਲਈ ਪੰਜਾਬ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ ਇਸੇ ਕਾਰਨ ਕਣਕ ਦੀ ਖ਼ਰੀਦ ਨਹੀਂ ਹੋ ਰਹੀ | ਅਕਾਲੀ ਦਲ ਦੇ ਪ੍ਰਧਾਨ ਨੇ ਇੱਥੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿਚ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਉਦੋਂ ਹੀ ਗੂੜੀ ਨੀਂਦ ਤੋਂ ਜਾਗੇ ਹਨ ਜਦੋਂ ਹਰਿਆਣਾ ਤੇ ਰਾਜਸਥਾਨ ਦੋਵੇਂ ਸੂਬੇ ਨਮੀ ਦੀ ਮਾਤਰਾ ਵਿਚ ਛੋਟ ਹਾਸਲ ਕਰਨ ਵਿਚ ਸਫਲ ਰਹੇ ਹਨ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸ਼ਰਤਾਂ ਵਿਚ ਛੋਟ ਵਾਸਤੇ ਕੁੱਝ ਸਮਾਂ ਪਹਿਲਾਂ ਹੀ ਲਿਖਿਆ ਹੈ ਜਿਸ ਕਾਰਨ ਕਿਸਾਨ ਮੁਸ਼ਕਿਲਾਂ 'ਚ ਹਨ | ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ 'ਤੇ ਛੱਡਣ ਅਤੇ ਜੈਸਲਮੇਰ ਦੇ ਪੰਜ ਸਿਤਾਰਾ ਹੋਟਲ ਵਿਚ ਛੁੱਟੀਆਂ ਮਨਾਉਣ ਦੀ ਵੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਮੰਡੀਆਂ ਵਿਚ ਜਾਣਾ ਚਾਹੀਦਾ ਹੈ ਉਹ ਵਿਦੇਸ਼ਾਂ ਵਿਚ ਜਾਣ ਦੀ ਫ਼ਿਰਾਕ ਵਿਚ ਹਨ | ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੋਹਰੀ ਮਾਰ ਪਈ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਮੀਂਹ ਤੇ ਗੜੇਮਾਰੀ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਤਬਾਹ ਹੋਈਆਂ ਤੇ ਹੁਣ ਉਹ ਇਸ ਕਰ ਕੇ ਮੁਸ਼ਕਿਲਾਂ ਝੱਲ ਰਹੇ ਹਨ ਕਿ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਖ਼ਰੀਦ ਏਜੰਸੀਆਂ ਕਣਕ ਦੀ ਖ਼ਰੀਦ ਨਹੀਂ ਕਰ ਰਹੀਆਂ | ਬਾਦਲ ਨੇ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਦੇ ਦੌਰੇ ਕਰ ਕੇ ਸਰਕਾਰ 'ਤੇ ਮੰਡੀਆਂ ਵਿਚ ਲੱਗੇ ਕਣਕ ਦੇ ਢੇਰਾਂ ਦੀ ਖ਼ਰੀਦ ਸ਼ੁਰੂ ਕਰਨ ਲਈ ਦਬਾਅ ਬਣਾਉਣ | ਉਨ੍ਹਾਂ ਨੇ ਆਪ ਸਰਕਾਰ ਵੱਲੋਂ ਮੌਜੂਦਾ ਖ਼ਰੀਦ ਸੀਜ਼ਨ ਵਾਸਤੇ ਬਾਰਦਾਣੇ ਦਾ ਪ੍ਰਬੰਧ ਨਾ ਕਰਨ 'ਤੇ ਵੀ ਆਪ ਸਰਕਾਰ ਦੀ ਨਿਖੇਧੀ ਕੀਤੀ | ਇਸ ਮੌਕੇ ਅਕਾਲੀ ਦਲ ਦੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਤੇ ਹੋਰ ਅਕਾਲੀ ਨੇਤਾ ਹਾਜਰ ਸਨ |