ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ | ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਵਿੱਤੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਵਿਚ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ | ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫਰੰਟ ਦੇ ਵਫ਼ਦਾਂ ਨਾਲ ਵਿਸਤਿ੍ਤ ਗੱਲਬਾਤ ਕੀਤੀ | ਇਸ ਤੋਂ ਇਲਾਵਾ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ | ਵਿੱਤ ਮੰਤਰੀ ਨੇ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਵਲੋਂ ਉਠਾਏ ਗਏ ਮਸਲਿਆਂ ਤੇ ਮੰਗਾਂ ਨੂੰ ਧੀਰਜ, ਹਮਦਰਦੀ ਅਤੇ ਪੂਰੇ ਧਿਆਨ ਨਾਲ ਸੁਣਿਆ | ਹਰਪਾਲ ਸਿੰਘ ਚੀਮਾ ਨੇ ਸਮੱਸਿਆਵਾਂ ਨੂੰ ਦੂਰ ਕਰਨ ਲਈ ਫੈਸਲਾਕੁੰਨ ਪ੍ਰਸ਼ਾਸਨਿਕ ਕਦਮ ਚੁੱਕੇ | ਇਨ੍ਹਾਂ ਮੀਟਿੰਗਾਂ ਦੌਰਾਨ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਤੋਂ ਜਸਮੇਲ ਕੌਰ ਬੀਰਕਲਾਂ, ਖੁਸ਼ਪ੍ਰੀਤ ਕੌਰ ਅਤੇ ਦੇਵ ਰਾਜ ਵਰਮਾ, ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਤੋਂ ਹਰਜਿੰਦਰ ਕੌਰ, ਸਿਮਰਜੀਤ ਕੌਰ, ਮੁਕੇਸ਼ ਰਾਣੀ ਅਤੇ ਜ਼ੈਲ ਕੌਰ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ ਅਤੇ ਪੰਜਾਬ ਨੰਬਰਦਾਰ ਯੂਨੀਅਨ ਤੋਂ ਗੁਰਪਾਲ ਸਿੰਘ ਸਮਰਾ, ਰਛਪਾਲ ਸਿੰਘ, ਸੁਰਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ |
ਵਿੱਤ ਮੰਤਰੀ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ <br/>
ਅਜੀਤ ਡੈਸਕ
22-04-2026