ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)-ਕਾਂਗਰਸੀ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਨੋਟਿਸ ਦਿੱਤਾ ਹੈ | ਵੇਣੂਗੋਪਾਲ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ 18 ਅਪ੍ਰੈਲ 2026 ਨੂੰ ਰਾਸ਼ਟਰ ਦੇ ਨਾਂਅ ਸੰਬੋਧਨ 'ਚ ਲੋਕ ਸਭਾ ਦੇ ਮੈਂਬਰਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਦਿਆਂ ਉਨ੍ਹਾਂ ਦੇ ਇਰਾਦਿਆਂ 'ਤੇ ਸਵਾਲ ਉਠਾਏ | ਵੇਣੂਗੋਪਾਲ ਨੇ ਕਿਹਾ ਕਿ ਇਹ ਸੰਸਦ ਦੀ ਮਰਿਆਦਾ ਅਤੇ ਸੰਸਦ ਮੈਂਬਰਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ | ਕਾਂਗਰਸੀ ਨੇਤਾ ਨੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਇਹ ਸਿਰਫ਼ ਕਿਸੇ ਵਿਅਕਤੀ 'ਤੇ ਹਮਲਾ ਨਹੀਂ ਸਗੋਂ ਸੰਸਦ ਅਤੇ ਲੋਕਤੰਤਰ ਦੇ ਸਨਮਾਨ ਨਾਲ ਜੁੜਿਆ ਮੁੱਦਾ ਹੈ | ਉਨ੍ਹਾਂ ਬਿਰਲਾ ਤੋਂ ਇਸ 'ਤੇ ਫੌਰਨ ਕਾਰਵਾਈ ਦੀ ਮੰਗ ਕੀਤੀ | ਜ਼ਿਕਰਯੋਗ ਹੈ ਕਿ 18 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਦੇ ਨਾਂਅ ਕੀਤੇ ਸੰਬੋਧਨ 'ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਸੰਵਿਧਾਨ ਦੇ 131ਵੇਂ ਸੋਧ ਬਿੱਲ 'ਚ ਵੋਟਿੰਗ ਅਤੇ ਮਨਸ਼ਾ ਨੂੰ ਲੈ ਕੇ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ |