ਚੰਡੀਗੜ੍ਹ, 23 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਜਲ ਸਰੋਤ, ਭੂਮੀ, ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਤਿੰਨ ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਚਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਭਰ ਵਿਚ ਹੜ੍ਹ ਰੋਕੂ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਖਣਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਫ਼ਲਾਇੰਗ ਸਕੁਐਡ ਬਣਾਉਣ ਦੇ ਹੁਕਮ ਦਿੱਤੇ | ਇਸੇ ਤਰ੍ਹਾਂ ਉਨ੍ਹਾਂ ਵੱਧ ਤੋਂ ਵੱਧ ਵਪਾਰਕ ਮਾਈਨਿੰਗ ਸਾਈਟਾਂ ਚਾਲੂ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਰੇਤ-ਬਜਰੀ ਜਿਹੇ ਖਣਿਜ ਪਦਾਰਥਾਂ ਦੀ ਸਪਲਾਈ ਵਿਚ ਸੁਧਾਰ ਹੋ ਸਕੇ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ | ਜਲ ਸਰੋਤ ਵਿਭਾਗ ਦੇ ਕਾਰਜਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਗੋਇਲ ਨੇ ਹਦਾਇਤ ਕੀਤੀ ਕਿ ਸਾਰੇ ਹੜ੍ਹ ਰੋਕਥਾਮ ਕਾਰਜ 30 ਜੂਨ ਤੋਂ ਪਹਿਲਾਂ ਪੂਰੇ ਕੀਤੇ ਜਾਣ ਤਾਂ ਜੋ ਮੌਨਸੂਨ ਸੀਜ਼ਨ ਦੌਰਾਨ ਕਿਸੇ ਵੀ ਸੰਕਟਕਾਲੀ ਸਥਿਤੀ ਨੂੰ ਟਾਲ਼ਿਆ ਜਾ ਸਕੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰੀ ਪਾਣੀ ਅਧੀਨ ਸਿੰਜਾਈ ਖੇਤਰ ਦੇ ਮੌਜੂਦਾ 78 ਫ਼ੀਸਦੀ ਘੇਰੇ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਈ ਜਾ ਸਕੇ |
ਬਰਿੰਦਰ ਕੁਮਾਰ ਗੋਇਲ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਕਿਹਾ <br/>
ਅਜੀਤ ਡੈਸਕ
24-04-2026