ਚੰਡੀਗੜ੍ਹ, 23 ਅਪ੍ਰੈਲ (ਅਜੀਤ ਬਿਊਰੋ)-ਸੂਬੇ ਵਿਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਕ ਵਿਦਿਆਰਥੀ-ਕੇਂਦਿ੍ਤ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿਚ ਇਕ ਵੱਡਾ ਸੁਧਾਰ ਕੀਤਾ ਹੈ | ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨਾਲ ਸਬੰਧਿਤ ਪ੍ਰਾਈਵੇਟ ਸਕੂਲਾਂ ਵਿਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ 'ਤੇ ਬੋਰਡ ਵਲੋਂ ਕੀਤੀ ਜਾਵੇਗੀ | ਇਸ ਉਪਰਾਲੇ ਨਾਲ ਨਾ ਸਿਰਫ਼ ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਦੀ ਇਜਾਰੇਦਾਰੀ ਖ਼ਤਮ ਹੋਵੇਗੀ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਮਿਲੇਗੀ | ਇਸ ਨਵੇਂ ਸੁਧਾਰ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫ਼ੈਸਲਾ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ, ਪਰਿਵਾਰਾਂ ਦਾ ਖ਼ਰਚਾ ਘਟਾਉਣ ਅਤੇ ਵਿਚੋਲਿਆਂ 'ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾਠ-ਪੁਸਤਕਾਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਏਗਾ |
ਸਰਕਾਰ ਵਲੋਂ ਪਾਠ ਪੁਸਤਕਾਂ ਦੀ ਵੰਡ 'ਚ ਇਜਾਰੇਦਾਰੀ ਖ਼ਤਮ-ਹਰਜੋਤ ਸਿੰਘ ਬੈਂਸ
ਅਜੀਤ ਡੈਸਕ
24-04-2026