ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ)ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ 'ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ | ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ, ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਦਰਮਿਆਨ ਰੁਕਾਵਟ ਨਾ ਬਣੇ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਹੁਣ ਤੱਕ 40 ਲੱਖ ਤੋਂ ਵੱਧ ਲੋਕਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ | ਇਹ ਯੋਜਨਾ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਪ੍ਰਦਾਨ ਕਰਦੀ ਹੈ | ਉਚ ਪੱਧਰੀ ਮੈਡੀਕਲ ਸੇਵਾਵਾਂ ਤੱਕ ਪਹੁੰਚ ਵਧਾ ਕੇ, ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਮਿਆਰੀ ਸਿਹਤ ਸੇਵਾ ਕਿਸੇ ਰਸੂਖ਼ਦਾਰ ਦਾ ਕੋਈ ਵਿਸ਼ੇਸ਼ ਅਧਿਕਾਰ ਨਹੀਂ ਸਗੋਂ ਪੰਜਾਬ ਦੇ ਹਰੇਕ ਨਾਗਰਿਕ ਦਾ ਹੱਕ ਬਣੇ |